ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਿਰੁੱਧ ਬੀਤੇ ਦਿਨੀ ਇੱਕ ਔਰਤ ਵੱਲੋਂ ਲਾਏ ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਯੂਥ ਅਕਾਲੀ ਦਲ ਨੇ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਤੋਂ ਪਹਿਲਾਂ ਹੀ ਪੁਲਿਸ ਨੇ ਯੂਥ ਅਕਾਲੀ ਦਲ ਦੇ 25 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ 'ਚ ਲਏ ਜਾਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੁਲਿਸ ਲੋਕ ਇਨਸਾਫ਼ ਪਾਰਟੀ ਦਾ ਸਾਥ ਦੇ ਰਹੀ ਹੈ, ਜਿਸ ਕਾਰਨ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੋਸ਼ਾ ਨੇ ਕਿਹਾ ਕਿ ਸਿਮਰਜੀਤ ਬੈਂਸ ਨੇ ਈਮਾਨਦਾਰੀ ਦਾ ਨਕਾਬ ਪਹਿਨ ਕੇ ਜੋ ਪੀੜਤ ਔਰਤ ਨਾਲ ਜ਼ਬਰ-ਜਿਨਾਹ ਕੀਤਾ ਗਿਆ, ਉਸ ਮਾਮਲੇ ਵਿੱਚ ਪੁਲਿਸ ਚੁੱਪ ਹੈ। ਉਨ੍ਹਾਂ ਕਿਹਾ ਕਿ ਛੋਟੇ ਜਿਹੀ ਗੱਲ 'ਤੇ ਮਾਮਲਾ ਦਰਜ ਕਰਨ ਵਾਲੀ ਪੁਲਿਸ ਅੱਜ ਚੁੱਪ ਬੈਠੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੂਥ ਅਕਾਲੀ ਦਲ ਪੁਲਿਸ ਨੂੰ ਜਗਾਉਣ ਲਈ ਅਤੇ ਸਿਮਰਜੀਤ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਆਇਆ ਹੈ।