ਮਾਨਸਾ: ਜ਼ਿਲ੍ਹਾ ਮਾਨਸਾ ਦੀ ਅਦਾਲਤ ਵੱਲੋ ਨਾਬਾਲਗ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਸਜ਼ਾ ਅਤੇ 1 ਲੱਖ 10 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸਰਕਾਰ ਨੂੰ ਵੀ ਹੁਕਮ ਜਾਰੀ ਕੀਤਾ ਹੈ ਕਿ ਪੀੜਤਾ ਦੀ ਮਦਦ ਲਈ 8 ਲੱਖ ਰੁਪਏ ਦਾ ਮੁਆਵਜ਼ਾ 15 ਦਿਨਾਂ ਅੰਦਰ ਦਿੱਤਾ ਜਾਵੇ। ਦੱਸ ਦਈਏ ਮਾਨਸਾ ਦੀ ਸੈਸ਼ਨ ਅਦਾਲਤ ਵੱਲੋਂ ਅਪਾਹਜ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਦੋਸ਼ੀ ਨੂੰ 10 ਸਾਲ ਕੈਦ ਅਤੇ ਇੱਕ ਲੱਖ ਦੱਸ ਹਜਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਪੀੜਤਾ ਵੱਲੋਂ ਐਡਵੋਕੇਟ ਜਸਵੰਤ ਸਿੰਘ ਗਰੇਵਾਲ ਅਤੇ ਜਸਵੀਰ ਸਿੰਘ (ਪਬਲਿਕ ਪਰੌਸੀਕਿੂਟਰ) ਪੇਸ਼ ਹੋਏ ।
ਖੇਤਾਂ ਵਿੱਚ ਲਿਜਾ ਕੇ ਜਬਰ-ਜਨਾਹ ਕਰਨ ਦੀ ਕੋਸ਼ਿਸ਼: ਐਡਵੋਕੇਟ ਜਸਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਮਾਨਸਾ ਦੇ ਇੱਕ ਪਿੰਡ ਵਿੱਚ ਮੁਲਜ਼ਮ ਵੱਲੋਂ ਆਪਣੇ ਹੀ ਪਿੰਡ ਦੀ ਨਾਬਾਲਿਗ ਬੱਚੀ ਨਾਲ ਖੇਤਾਂ ਵਿੱਚ ਲਿਜਾ ਕੇ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਬੱਚੀ ਨੂੰ ਬਰਗਲਾ ਕੇ ਖੇਤਾਂ ਵਿੱਚ ਲੈ ਗਿਆ ਸੀ। ਇਸ ਤੋਂ ਬਾਅਦ ਬੱਚੀ ਦੇ ਮਾਤਾ-ਪਿਤਾ ਨੇ ਭਾਲ ਸ਼ੁਰੂ ਕੀਤੀ ਤਾਂ ਉਕਤ ਵਿਅਕਤੀ ਬੱਚੀ ਨੂੰ ਬਸ ਸਟੈਂਡ ਉੱਤੇ ਛੱਡ ਕੇ ਭੱਜ ਗਿਆ। ਜਿਸ ਤੋਂ ਬਾਅਦ ਪੀੜਤ ਬੱਚੀ ਨੇ ਆਪਣੇ ਮਾਤਾ-ਪਿਤਾ ਨੂੰ ਪੂਰੀ ਕਹਾਣੀ ਦੱਸੀ ਅਤੇ ਮੁਲਜ਼ਮ ਖ਼ਿਲਾਫ਼ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ।