ਮਾਨਸਾ: ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿੱਚ ਲੱਗੇ ਕਰਫ਼ਿਊ ਦੇ ਚੱਲਦਿਆਂ ਵੱਖ-ਵੱਖ ਸੂਬਿਆਂ ਵਿੱਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਹੁਣ ਘਰ ਵਾਪਸੀ ਹੋਣੀ ਸ਼ੁਰੂ ਹੋ ਗਈ ਹੈ। ਅੱਜ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 45 ਪਰਵਾਸੀ ਮਜ਼ਦੂਰਾਂ ਨੂੰ ਬੱਸਾਂ ਰਾਹੀਂ ਯੂਪੀ ਲਈ ਰਵਾਨਾ ਕੀਤਾ ਗਿਆ।
ਮਾਨਸਾ ਤੋਂ ਯੂਪੀ ਦੇ 45 ਪਰਵਾਸੀ ਮਜ਼ਦੂਰਾਂ ਨੂੰ ਬੱਸਾਂ ਰਾਹੀਂ ਕੀਤਾ ਰਵਾਨਾ ਮਾਨਸਾ ਦੀ ਐਸਡੀਐਮ ਸਰਬਜੀਤ ਕੌਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚੋਂ ਅੱਜ 45 ਪਰਵਾਸੀ ਮਜ਼ਦੂਰਾਂ ਨੂੰ ਰਵਾਨਾ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 35 ਮਾਨਸਾ ਸਬ ਡਵੀਜ਼ਨ, 5 ਸਰਦੂਲਗੜ੍ਹ ਤੇ 5 ਬੁਢਲਾਡਾ ਦੇ ਸਬ ਡਿਵੀਜ਼ਨ ਨਾਲ ਸਬੰਧਤ ਮਜ਼ਦੂਰ ਸਨ, ਜੋ ਵੱਖ-ਵੱਖ ਫੈਕਟਰੀਆਂ ਵਿੱਚ ਕੰਮ ਕਰਦੇ ਸਨ।
ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਮਜ਼ਦੂਰਾਂ ਦਾ ਮੈਡੀਕਲ ਚੈੱਕਅਪ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਬੱਸਾਂ ਰਾਹੀਂ ਫਿਰੋਜ਼ਪੁਰ ਭੇਜਿਆ ਜਾ ਰਿਹਾ ਹੈ, ਜਿੱਥੋਂ ਇਨ੍ਹਾਂ ਨੂੰ ਯੂਪੀ ਦੇ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚੋਂ ਯੂਪੀ ਦੇ ਛੇ ਜ਼ਿਲ੍ਹਿਆਂ ਦੇ ਮਜ਼ਦੂਰ ਭੇਜੇ ਗਏ ਹਨ।
ਐਸਡੀਐਮ ਨੇ ਦੱਸਿਆ ਕਿ ਇਨ੍ਹਾਂ ਮਜ਼ਦੂਰਾਂ ਦਾ ਖਾਣ ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਝਾਰਖੰਡ ਨਾਲ ਸਬੰਧਤ 33 ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਿਆ ਜਾ ਚੁੱਕਿਆ ਹੈ।