ਮਾਨਸਾ: ਵਜੀਫਾ ਘੁਟਾਲੇ ਨੂੰ ਲੈ ਕੇ ਪੰਜਾਬ 'ਚ ਸਿਆਸਤ ਸਰਗਰਮ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਹੋਏ ਘੁਟਾਲੇ ਨੂੰ ਲੈ ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆ ਰਹੀਆਂ ਹਨ। ਇਸੇ ਕੜੀ 'ਚ ਅੱਜ ਮਾਨਸਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮੁੱਖ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਰੋਸ ਪ੍ਰਦਰਸ਼ਨ 'ਚ 'ਆਪ' ਆਗੂ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਸਣੇ ਕਈ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਕੈਬਿਨੇਟ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਤੇ ਉਨ੍ਹਾਂ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਵਜੀਫਾ ਘੁਟਾਲਾ: ਮਾਨਸਾ 'ਚ 'ਆਪ' ਨੇ ਧਰਮਸੋਤ ਤੇ ਮੁੱਖ ਮੰਤਰੀ ਦਾ ਸਾੜਿਆ ਪੁਤਲਾ 'ਆਪ' ਆਗੂਆਂ ਨੇ ਕਿਹਾ ਕਿ ਕੈਬਿਨੇਟ ਮੰਤਰੀ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਮਿਲਣ ਵਾਲੇ ਵਜੀਫੇ 'ਚ ਘੁਟਾਲਾ ਕਰਕੇ ਐਸਸੀ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ। ਮੁੱਖ ਮੰਤਰੀ ਨੂੰ ਮੰਤਰੀ ਨੂੰ ਤੁਰੰਤ ਕੈਬਿਨੇਟ ਵਿੱਚੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤੇ ਜਲਦ ਤੋਂ ਜਲਦ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕੈਬਿਨੇਟ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਤਲਵੰਡੀ ਸਾਬੋਂ ਤੋਂ 'ਆਪ' ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਉਨ੍ਹਾਂ ਨੂੰ ਮਜਬੂਰਨ ਆਮ ਆਦਮੀ ਪਾਰਟੀ ਨੂੰ ਸੜਕਾਂ 'ਤੇ ਉਤਰਨਾ ਪਿਆ। ਕਿਉਂਕਿ ਸੂਬਾ ਸਰਕਾਰ ਜਾਂਚ ਦੇ ਨਾਂਅ 'ਤੇ ਮਹਿਜ ਖਾਨਾਪੂਰਤੀ ਕਰ ਰਹੀ ਹੈ। ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਚ ਹਜ਼ਾਰ ਕਰੋੜ ਰੁਪਏ ਦਾ ਘੁਟਾਲਾ ਕਰਕੇ ਦਲਿਤ ਵਿਦਿਆਰਥੀਆਂ ਦੇ ਨਾਲ ਧੋਖਾ ਕੀਤਾ ਗਿਆ ਹੈ। ਜਿਸ ਕਾਰਨ ਇਹ ਵਿਦਿਆਰਥੀ ਅਗਲੀ ਜਮਾਤਾਂ 'ਚ ਦਾਖਲਾ ਨਹੀਂ ਲੈ ਸਕੇ। ਬਲਜਿੰਦਰ ਕੌਰ ਨੇ ਆਖਿਆ ਕਿ ਸੱਤਾ 'ਚੋਂ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਵਿਦਿਆਰਥੀਆਂ ਨਾਲ ਕਈ ਵਾਅਦੇ ਕੀਤੇ ਸਨ, ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਦੇ ਉਲਟ ਕਾਂਗਰਸੀ ਲੀਡਰ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ 'ਚ ਘੁਟਾਲਾ ਕਰ ਰਹੇ ਹਨ।
ਉਨ੍ਹਾਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਕੈਬਿਨੇਟ ਦੇ ਵਿੱਚੋਂ ਬਰਖ਼ਾਸਤ ਕੀਤਾ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਵਜੀਫੇ ਦੀ ਰਕਮ ਦਿੱਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਜਾਰੀ ਰੱਖ ਸਕਣ।