ਮਾਨਸਾ: ਜ਼ਰੂਰਤਮੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਕਚਹਿਰੀ 'ਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਪਰਿਵਾਰਾਂ ਦੇ ਨਾਲ ਕੋਝਾ ਮਜ਼ਾਕ ਕਰ ਰਹੀ ਹੈ।
ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ 'ਚ 'ਆਪ' ਨੇ ਕੀਤਾ ਪ੍ਰਦਰਸ਼ਨ ਉਨ੍ਹਾਂ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਪਰਿਵਾਰਂ ਦੇ ਰਾਸ਼ਨ ਕਾਰਡ ਕੱਟੇ ਹਨ ਜਿਨ੍ਹਾਂ ਨੂੰ ਰਾਸ਼ਨ ਦੀ ਜ਼ਰੂਰਤ ਸੀ ਤੇ ਆਪਣੇ ਚਹੇਤਿਆਂ ਦੇ ਰਾਸ਼ਨ ਕਾਰਡ ਚਾਲੂ ਰੱਖੇ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਰਾਸ਼ਨ ਕਾਰਡ ਬਹਾਲ ਨਹੀਂ ਕੀਤੇ ਜਾਂਦੇ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਤੇ ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਨੇ ਮਾਨਸਾ ਜ਼ਿਲ੍ਹੇ 'ਚੋਂ ਢਾਈ ਹਜ਼ਾਰ ਦੇ ਕਰੀਬ ਜ਼ਰੂਰਤਮੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਹਨ। ਜਦ ਕਿ ਉਨ੍ਹਾਂ ਦੇ ਨਿੱਜੀ ਹਲਕੇ ਚੋਂ ਅੱਠ ਹਜ਼ਾਰ ਰਾਸ਼ਨ ਕਾਰਡ ਕੱਟੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਹਾਲਾਤਾਂ ਵਿੱਚ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਤਾਂ ਕੀ ਮੁਹੱਈਆ ਕਰਵਾਉਣਾ ਸੀ ਸਗੋਂ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਹੀ ਕੱਟ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰਾਂ ਵੱਲੋਂ ਐਮ.ਬੀ.ਬੀ.ਐਸ. ਦੀਆਂ ਫੀਸਾਂ ਵਿੱਚ ਕੀਤਾ ਗਿਆ ਵਾਧਾ ਨਿੰਦਣਯੋਗ ਹੈ। ਪੰਜਾਬ ਵਿੱਚ ਜਿਸ ਤਰ੍ਹਾਂ ਸ਼ਰਾਬ ਰੇਤ ਮਾਫੀਆ ਹੈ ਉਸੇ ਤਰ੍ਹਾਂ ਹੀ ਹੁਣ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਵੀ ਮਾਫੀਆ ਸਰਗਰਮ ਹੋ ਚੁੱਕਿਆ ਹੈ।
ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਸੜਕਾਂ 'ਤੇ ਆਉਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਕਰਦੀ ਸੀ ਪਰ ਸਰਕਾਰ ਨੇ ਅਜਿਹੇ ਕੋਰੋਨਾ ਦੇ ਹਾਲਾਤਾਂ ਵਿੱਚ ਗ਼ਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਕੇ ਘਟੀਆ ਰਾਜਨੀਤੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਮ.ਬੀ.ਬੀ.ਐਸ. ਦੀਆਂ ਫੀਸਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ ਜਿਸ ਦੇ ਖਿਲਾਫ ਅੱਜ ਅੰਮ੍ਰਿਤਸਰ ਦੇ ਵਿੱਚ ਵੀ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਗਰੀਬ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਖੜ੍ਹੀ ਰਹੇਗੀ।