ਮਾਨਸਾ:ਯੂਪੀ ਦੇ ਲਖੀਮਪੁਰ ਖੀਰੀ ਮਾਮਲੇ ਨੇ ਸਿਆਸੀ ਰੂਪ ਲੈ ਲਿਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹੇ ਚ ਯੂਪੀ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੱਸ ਸਟੈਂਡ ਚੌਂਕ ’ਚ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਜਿਸ ਕਾਰਨ ਲਗਾਤਾਰ ਕਿਸਾਨਾਂ ’ਤੇ ਲਾਠੀਚਾਰਜ ਕਰਕੇ ਜਾਂ ਫਿਰ ਕਿਸਾਨਾਂ ’ਤੇ ਗੱਡੀਆਂ ਚੜ੍ਹਾ ਕੇ ਉਨ੍ਹਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ।
ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਹਲਕਾ ਇੰਚਾਰਜ ਡਾ ਵਿਜੇ ਸਿੰਗਲਾ ਗੁਰਪ੍ਰੀਤ ਸਿੰਘ ਭੁੱਚਰ ਅਤੇ ਵਰਿੰਦਰ ਸੋਨੀ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਯੂਪੀ ਦੇ ਇੱਕ ਮੰਤਰੀ ਦੇ ਬੇਟੇ ਵੱਲੋਂ ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਇਸ ਤਰ੍ਹਾਂ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਕੇਂਦਰ ਸਰਕਾਰ ਦਬਾਉਣਾ ਚਾਹੁੰਦੀ ਹੈ, ਸਰਕਾਰ ਵੱਲੋਂ ਕਦੇ ਕਿਸਾਨਾਂ ’ਤੇ ਲਾਠੀਚਾਰਜ ਕਰਦੀ ਹੈ ਅਤੇ ਕਦੇ ਕਿਸਾਨਾਂ ਤੇ ਪਾਣੀਆਂ ਦੀ ਬੁਛਾਰਾਂ ਪਾਈਆਂ ਜਾਂਦੀਆਂ ਹਨ, ਪਰ ਇਸ ਤਰ੍ਹਾਂ ਸਰਕਾਰ ਕਿਸਾਨਾਂ ਦੀ ਆਵਾਜ ਨੂੰ ਦਬਾ ਨਹੀਂ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਪ੍ਰਦਰਸ਼ਨ ਕਰਦੀ ਰਹੇਗੀ।