ਮਾਨਸਾ:ਹਾਲ ਹੀ 'ਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਸੀ ਕਿ ਮਾਪੇ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਸੀ । ਜਿਸ ਤਹਿਤ ਹੁਣ ਸਰਕਾਰੀ ਸਕੂਲਾਂ ਦੇ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਉਪਰਾਲੇ ਸਦਕਾ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸਰਕਾਰ ਵੱਲੋਂ ਪੰਜਾਬ ਭਰ ਵਿੱਚ ਇੱਕ ਲੱਖ ਬੱਚਿਆਂ ਨੂੰ ਦਾਖ਼ਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
1 ਲੱਖ ਬੱਚਿਆਂ ਨੂੰ ਸਕੂਲਾਂ 'ਚ ਦਾਖਲ: ਇਸੇ ਲੜੀ ਤਹਿਤ ਮਾਨਸਾ ਜਿਲ੍ਹੇ ਵਿੱਚ 3267 ਬੱਚਿਆਂ ਦਾਖ਼ਲ ਕਰਨ ਦਾ ਟੀਚਾ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਦਾਖਲ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਅੱਜ ਅਧਿਆਪਕਾਂ ਵੱਲੋ ਸਕੂਲਾਂ ਦੇ ਬਾਹਰ ਬੂਥ ਲਗਾਕੇ ਬੱਚਿਆਂ ਨੂੰ ਦਾਖਲ ਕੀਤਾ ਜਾ ਰਿਹਾ ਹੈ ਅਤੇ ਘਰ ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੇ ਸਪੋਕਸਪਰਸਨ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਲੱਖ ਬੱਚਿਆਂ ਨੂੰ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਸਕੂਲਾਂ ਵਿਚ ਦਾਖਲ ਕਰਨ ਦੀ ਮੁਹਿੰਮ ਦਾ ਅਗਾਜ ਕੀਤਾ ਗਿਆ ਹੈ।