ਮਾਨਸਾ: ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਜ਼ਿਲ੍ਹਾ ਮਾਨਸਾ ਨੂੰ ਪੰਜਾਬ ਸਰਕਾਰ ਵੱਲੋਂ 3 ਕਰੋੜ 18 ਲੱਖ, 75 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜੋ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ ਭੇਜੀ ਜਾ ਰਹੀ ਹੈ। ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਜ਼ਿਲ੍ਹੇ ਲਈ ਜਾਰੀ ਕੀਤੀ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 2 ਕਰੋੜ 43 ਹਜਾਰ ਅਤੇ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 1 ਕਰੋੜ 18 ਲੱਖ 32 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।
ਜ਼ਿਲ੍ਹੇ ਦੇ 232 ਲਾਭਪਾਤਰੀ ਕਵਰ ਕੀਤੇ ਜਾਣਗੇ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਾਨਸਾ ਜ਼ਿਲ੍ਹੇ ’ਚ 3 ਕਰੋੜ 18 ਲੱਖ 75 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ, ਜਿਸ ’ਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 2 ਕਰੋੜ 43 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ ਜ਼ਿਲ੍ਹੇ ਦੇ 393 ਲਾਭਪਾਤਰੀ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ 1 ਕਰੋੜ 18 ਲੱਖ 32 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ’ਚ ਜ਼ਿਲ੍ਹੇ ਦੇ 232 ਲਾਭਪਾਤਰੀ ਕਵਰ ਕੀਤੇ ਜਾਣਗੇ।