ਮਾਨਸਾ:ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ਿਲ੍ਹਾ ਮਾਨਸਾ ਹੈੱਡਕੁਆਰਟਰ ‘ਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਸ਼ਾ ਵਰਕਰਾਂ ਵੱਲੋਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ 2022 ਦੀਆਂ ਚੋਣਾਂ ਦੇ ਵਿੱਚ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕੀਤਾ ਜਾਵੇਗਾ।
ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਨੇ ਪਰ ਸਰਕਾਰ ਵੱਲੋਂ ਹਰ ਵਾਰ ਉਨ੍ਹਾਂ ਦੇ ਨਾਲ ਆਨਾਕਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੀਆਂ ਹਨ ਅਤੇ ਉਹ ਹਰਿਆਣਾ ਪੈਟਰਨ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹਰ ਵਾਰ ਅਣਗੌਲਿਆਂ ਕੀਤਾ ਜਾ ਰਿਹੈ।