ਮਾਨਸਾ: ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਯੂਨਾਈਟਿਡ ਫੋਰਮ ਆਫ਼ ਬੈਂਕ ਇੰਪਲਾਈਜ਼ ਯੂਨੀਅਨ ਵੱਲੋਂ ਦੋ ਦਿਨਾਂ ਹੜਤਾਲ ਦੇ ਸੱਦੇ ਤਹਿਤ ਮਾਨਸਾ 'ਚ ਸਮੂਹ ਬੈਂਕ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਹੜਤਾਲ ਕਰਕੇ ਜਿੱਥੇ ਬੈਂਕ ਦਾ ਕੰਮਕਾਰ ਬੰਦ ਰੱਖਿਆ ਗਿਆ ਉਥੇ ਹੀ ਉਨ੍ਹਾਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਬੈਂਕ ਮੁਲਾਜ਼ਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ।
ਬੈਂਕ ਕਰਮਚਾਰੀਆਂ ਵਲੋਂ ਦੂਸਰੇ ਦਿਨ ਵੀ ਹੜਤਾਲ ਜਾਰੀ
ਯੂਨਾਈਟਿਡ ਫੋਰਮ ਦੇ ਸੱਦੇ 'ਤੇ ਮਾਨਸਾ ਵਿੱਚ ਬੈਂਕ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਦੂਜੇ ਦਿਨ ਵੀ ਸਮੂਹ ਬੈਂਕ ਮੁਲਾਜ਼ਮਾਂ ਵੱਲੋਂ ਜਿੱਥੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ, ਉਥੇ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਬੈਂਕਾਂ ਦੇ ਨਿੱਜੀਕਰਨ ਦੇ ਫੈਸਲੇ ਨੂੰ ਵਾਪਸ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਬੈਂਕ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਦੋ ਦਿਨਾਂ ਹੜਤਾਲ ਤਾਨਾਸ਼ਾਹ ਮੋਦੀ ਦੀ ਹਕੂਮਤ ਦੇ ਖ਼ਿਲਾਫ਼ ਹੈ, ਜੋ ਕਿ ਹਰ ਪਬਲਿਕ ਸੈਕਟਰ ਅਦਾਰੇ ਨੂੰ ਨਿੱਜੀ ਹੱਥਾਂ 'ਚ ਸੌਂਪਣ ਲਈ ਤੁਰਿਆ ਹੋਇਆ ਹੈ। ਇਸ ਤਰਜ਼ ਉੱਪਰ ਹੁਣ ਮੋਦੀ ਹਕੂਮਤ ਦੀ ਨਿਗ੍ਹਾ ਦੇਸ਼ ਦੀ ਆਰਥਿਕਤਾ ਦਾ ਧੁਰਾ ਮੰਨੀ ਜਾਂਦੀ, ਸਰਕਾਰੀ ਬੈਂਕਾਂ ਉਪਰ ਆ ਡਿੱਗੀ ਹੈ ਅਤੇ ਕੇਂਦਰ ਸਰਕਾਰ ਇਨ੍ਹਾਂ ਬੈਂਕਾਂ ਨੂੰ ਕਾਰਪੋਰੇਟ ਢਰਾਣਿਆਂ ਦੇ ਹੱਥ ਦੇਣ 'ਤੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁੱਠੀ ਭਰ ਸਰਮਾਏਦਾਰਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਸਰਕਾਰ ਸਾਰੇ ਸਰਕਾਰੀ ਅਦਾਰਿਆਂ ਨੂੰ ਅੰਬਾਨੀ ਅਡਾਨੀ ਦੇ ਸਪੁਰਦ ਕਰਨਾ ਚਾਹੁੰਦੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੜਤਾਲ 'ਤੇ ਬੈਠੇ ਕਰਮਚਾਰੀਆਂ ਦਾ ਕਹਿਣਾ ਕਿ ਜੇਕਰ ਕੇਂਦਰ ਸਰਕਾਰ ਆਪਣੇ ਫੈਸਲੇ ਨੂੰ ਵਾਪਸ ਨਹੀਂ ਲੈਂਦੀ ਤਾਂ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਦਿਆਂ ਪੱਕੇ ਤੌਰ 'ਤੇ ਹੜਤਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ