ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਦੇਸ਼ ਭਰ ਦੇ ਵਿੱਚ ਕਿਸਾਨਾਂ 'ਚ ਭਾਰੀ ਰੋਸ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡੀਸੀ ਦਫ਼ਤਰ ਦੇ ਸਾਹਮਣੇ ਧਰਨਾ ਲਾਇਆ।
ਇਸ ਜ਼ਿਲ੍ਹਾ ਪੱਧਰੀ ਧਰਨੇ 'ਚ ਵੱਡੀ ਗਿਣਤੀ 'ਚ ਕਿਸਾਨ ਆਗੂਆਂ, ਕਿਸਾਨ ਜੱਧੇਬੰਦੀਆਂ ਤੇ ਕਿਸਾਨਾਂ ਨੇ ਹਿੱਸਾ ਲਿਆ। ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡੀਸੀ ਦਫ਼ਤਰ ਸਾਹਮਣੇ ਲਾਇਆ ਧਰਨਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋੋਂ ਲਾਗੂ ਕੀਤੇ ਗਏ ਖੇਤੀ ਆਰਡੀਨੈਂਸਾਂ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕੇਂਦਰੀ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਰਾਹੀਂ ਕਿਸਾਨਾਂ ਦੇ ਖੇਤੀ ਹੱਕਾਂ 'ਤੇ ਹਮਲਾ ਕੀਤਾ ਹੈ। ਸਰਕਾਰ ਕਿਸਾਨਾਂ ਦੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਮੰਡੀਆਂ ਦਾ ਨਿੱਜੀਕਰਣ ਕਰਨਾ ਚਾਹੁੰਦੀ ਹੈ। ਅਨਾਜ ਮੰਡੀਆਂ ਦੇ ਨਿੱਜੀਕਰਣ ਰਾਹੀਂ ਮਹਿਜ਼ ਨਿੱਜੀ ਕੰਪਨੀਆਂ ਚਲਾਉਣ ਵਾਲੇ ਵਪਾਰੀਆਂ ਨੂੰ ਫਾਇਦਾ ਮਿਲੇਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੀਆਂ ਹੇਠ ਦੱਬੇ ਹੋਏ ਹਨ। ਜੇਕਰ ਮੰਡੀਆਂ ਦਾ ਨਿੱਜੀਕਰਣ ਹੋ ਗਿਆ ਤਾਂ ਕਿਸਾਨਾਂ ਹੋਰ ਮੁਸ਼ਕਲਾਂ 'ਚ ਪੈ ਜਾਣਗੇ। ਇਸ ਲਈ ਉਨ੍ਹਾਂ ਵੱਲੋਂ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਗਮੀ 15 ਸਤੰਬਰ ਤੋਂ ਕਿਸਾਨ ਜੱਥੇਬੰਦੀਆਂ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਬਾਦਲ ਪਿੰਡ ਪਹੁੰਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਣੇ ਬਾਦਲ ਪਰਿਵਾਰ ਦਾ ਘਿਰਾਓ ਕਰਾਂਗੇ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਧਰਨੇ ਤੇ ਰੋਸ ਮੁਜ਼ਾਹਰੇ ਉਦੋਂ ਤੱਕ ਜਾਰੀ ਰਹਿਣਗੇ ਜਦ ਤੱਕ ਸਰਕਾਰ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਨਹੀਂ ਕਰਦੀ। ਇਸ ਤੋਂ ਇਲਾਵਾ ਉਨ੍ਹਾਂ ਵਾਅਦਾ ਖਿਲਾਫੀ ਕਰਨ ਤੇ ਕਿਸਾਨਾਂ ਦੇ ਹੱਕਾਂ 'ਚ ਖਰੇ ਨਾ ਉਤਰਨ ਲਈ ਪੰਜਾਬ ਸਰਕਾਰ ਦੇ ਵਿਰੋਧ ਦਾ ਵੀ ਐਲਾਨ ਕੀਤਾ।