ਮਾਨਸਾ : ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੇ ਲਈ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਆਈ ਹੈ ਅਤੇ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਰਦੂਲਗੜ੍ਹ 'ਚ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਫਿਰ ਤੋਂ ਸੱਤਾ ਵਿੱਚ ਆ ਰਹੀ ਹੈ।
ਹਲਕਾ ਸਰਦੂਲਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮ ਮੋਫਰ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਦੇ ਲਈ ਪਹੁੰਚੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਦੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਿਕਰਮ ਮਜੀਠੀਆ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਦਫ਼ਤਰ 'ਚ ਜਾ ਕੇ ਧਮਾਕਾ ਹੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਮਜੀਠੀਆ 'ਆਪ' ਦਫ਼ਤਰ ਗਏ ਤਾਂ ਉਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕਹਿ ਦਿੱਤਾ ਕਿ ਬਿਕਰਮ ਮਜੀਠੀਆ ਸਾਡਾ ਭਰਾ ਹੀਰਾ ਹੈ ਅਤੇ ਇਥੋਂ ਸਾਬਤ ਹੁੰਦਾ ਹੈ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਇਕ ਹਨ।