ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ ਅਤੇ ਅੱਜ ਅੰਮ੍ਰਿਤਸਰ ਵਿੱਚ ਡਿਸਟ੍ਰਿਕ ਕਾਰਜਕਾਰਨੀ ਮੀਟਿੰਗ ਭਾਜਪਾ ਦੇ ਨੇਤਾਵਾਂ ਵੱਲੋਂ ਰੱਖੀ ਗਈ। ਜਿਸ ਵਿੱਚ ਜ਼ਿਲੇ ਦੇ ਵੱਖ ਵੱਖ ਭਾਜਪਾ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਜਿੱਤਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਪਹੁੰਚੇ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅਤੇ ਪੰਜਾਬ ਮੀਤ ਪ੍ਰਧਾਨ ਭਾਜਪਾ ਜਗਮੋਹਨ ਸਿੰਘ ਰਾਜੂ ਨੇ ਬੰਦੀ ਸਿੰਘਾਂ ਦੀ ਰਿਹਾਈ ਉੱਤੇ ਆਪਣੇ ਵਿਚਾਰ ਪੇਸ਼ ਕੀਤੇ।
ਕੇਂਦਰ ਸਰਕਾਰ ਨੂੰ ਪੱਤਰ: ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦੇ ਹੋਏ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਉਨ੍ਹਾਂ ਵੱਲੋਂ ਕੁਝ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇ ਸਿੱਖ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਹੋਰ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਚਾਹੁੰਦੀਆਂ ਨੇ ਤਾਂ ਉਹ ਕੇਂਦਰ ਸਰਕਾਰ ਨੂੰ ਪੱਤਰ ਲਿਖ ਸਕਦੀਆਂ ਹਨ ਤਾਂ ਜੋ ਕੇਂਦਰ ਸਰਕਾਰ ਹਮਦਰਦੀ ਨਾਲ ਮੁੱਦੇ ਉੱਤੇ ਵਿਚਾਰ ਕਰੇ ਸਕੇ।