ਲੁਧਿਆਣਾ: ਧੂਰੀ 'ਚ ਚਾਰ ਸਾਲ ਦੀ ਬੱਚੀ ਨਾਲ ਹੋਏ ਜਬਰ-ਜਨਾਹ ਅਤੇ ਫ਼ਰੀਦਕੋਟ ਪੁਲਿਸ ਦੀ ਹਿਰਾਸਤ 'ਚ 24 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਦੇ ਲੋਕ ਸੜਕਾਂ 'ਤੇ ਉੱਤਰ ਆਏ ਹਨ। ਇਸੇ ਤਹਿਤ ਲੁਧਿਆਣਾ 'ਚ ਵੀ ਨੌਜਵਾਨਾਂ ਵੱਲੋਂ ਸੜਕਾਂ 'ਤੇ ਉੱਤਰ ਕੇ ਕੈਂਡਲ ਮਾਰਚ ਕੱਢਿਆ ਗਿਆ।
ਨੌਜਵਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਚੁੱਕੇ ਹਨ।
ਇਸ ਦੌਰਾਨ ਨੌਜਵਾਨ ਆਗੂ ਸਤਪਾਲ ਕੁਮਾਰ ਰਿੰਕੂ ਨੇ ਦੱਸਿਆ ਕਿ ਪੰਜਾਬ 'ਚ ਲਗਾਤਾਰ ਛੋਟੀਆਂ ਬੱਚੀਆਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਅਤੇ ਪੁਲਿਸ ਹਿਰਾਸਤ 'ਚ ਮੌਤ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸ ਵੱਲ ਸਰਕਾਰ ਅਤੇ ਪੁਲਿਸ ਨੂੰ ਧਿਆਨ ਦੇਣ ਦੀ ਸਖ਼ਤ ਲੋੜ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਕਿ ਅਜਿਹੀ ਕੋਈ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮ ਹਜ਼ਾਰ ਵਾਰ ਸੋਚੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਹੀ ਹੁੰਦਾ ਰਿਹਾ ਤਾਂ ਕੋਈ ਨੌਜਵਾਨ ਰੁਪਿੰਦਰ ਗਾਂਧੀ ਦਾ ਵੀ ਰੂਪ ਧਾਰਨ ਕਰ ਸਕਦਾ ਹੈ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆ ਸਕਦਾ ਹੈ।