ਮਾਨਸਾ :ਬੀਤੇ ਦਿਨੀਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਅੱਜ ਦਿੱਲੀ ਤੋਂ ਮਨਜਿੰਦਰ ਸਿੰਘ ਸਿਰਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਪੂਰਾ ਇਨਸਾਫ ਦਿੱਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਗੱਲ ਕਰਕੇ ਜਲਦ ਤੋਂ ਜਲਦ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ ਉਥੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਵੀ ਵੱਡਾ ਘਾਟਾ ਪਿਆ ਹੈ।