ਮਾਨਸਾ: ਹਾਥਰਸ 'ਚ 19 ਵਰ੍ਹਿਆਂ ਦੀ ਮਨੀਸ਼ਾ ਨਾਲ ਹੋਏ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਰੋਸ ਹੈ। ਉੱਤਰ ਪ੍ਰਦੇਸ਼ ਦੀ ਸਰਕਾਰ ਤੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੂਰਾ ਦੇਸ਼ ਸੜਕਾਂ 'ਤੇ ਉੱਤਰ ਆਇਆਂ ਹੈ। ਮਾਨਸਾ ਸ਼ਹਿਰ ਵਿੱਚ ਕਾਂਗਰਸ ਦੇ ਵਰਕਰਾਂ ਨੇ ਬੱਸ ਸਟੈਂਡ ਚੌਕ ਦੇ ਵਿੱਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਯੂਪੀ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਨਾਥ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ।
ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਯੂਪੀ ਦੇ ਹਾਥਰਸ ਵਿੱਚ ਹੋਏ ਸਮੂਹਿਕ ਜਬਰ-ਜਨਾਹ ਦੀ ਪੂਰੇ ਦੇਸ਼ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਯੂਪੀ ਦੀ ਯੋਗੀ ਸਰਕਾਰ ਅਤੇ ਕੇਂਦਰ ਇਸ ਮਾਮਲੇ ਵਿੱਚ ਘਟੀਆਂ ਕਿਸਮ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਯੂਪੀ ਪੁਲਿਸ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।