ਮਾਨਸਾ: ਸੀ.ਪੀ.ਆਈ (ਐਮਐਲ) ਲਿਬਰੇਸ਼ਨ ਵੱਲੋਂ 7 ਅਤੇ 8 ਜੂਨ ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਲਗਾ ਕੇ ਪੰਜ ਸਾਲ ਦੀ ਕਾਰਗੁਜ਼ਾਰੀ 'ਤੇ ਸਵਾਲ ਪੁੱਛੇ ਜਾਣਗੇ। ਸੀ.ਪੀ.ਆਈ (ਐਮਐਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਭਗਵੰਤ ਸਮਾਓ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਨਾਲ ਸਬੰਧਤ ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਦਾ 24 ਘੰਟੇ ਲਈ ਘਿਰਾਓ ਕੀਤਾ ਜਾਵੇਗਾ ਅਤੇ ਵਿਧਾਇਕਾਂ ਤੋਂ ਪੰਜ ਸਾਲ ਦੀ ਕਾਰਗੁਜ਼ਾਰੀ 'ਤੇ ਸਵਾਲ ਪੁੱਛੇ ਜਾਣਗੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਧਾਇਕਾਂ ਤੋਂ ਪੁੱਛਿਆ ਜਾਵੇਗਾ ਕਿ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਆਪਣੇ ਹਲਕੇ ਦੇ ਕਿੰਨੇ ਮੁੱਦੇ ਉਠਾਏ ਅਤੇ ਕਿਹੜੇ ਮੁੱਦੇ ਹੱਲ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਮਜ਼ਦੂਰਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਨਿਗੂਣਾ ਮੁਆਫ਼ ਕੀਤਾ ਹੈ ਪਰ ਮਜ਼ਦੂਰਾਂ ਦੇ ਕਰਜ਼ੇ ਵੀ ਮੁਆਫ਼ ਨਹੀਂ ਕੀਤੇ ਗਏ।