ਮਾਨਸਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਮਹਿੰਗਾਈ ਦੇ ਖਿਲਾਫ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਕੇਂਦਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।
ਕਿਸਾਨ ਨੇਤਾ ਰਾਮ ਸਿੰਘ ਭੈਣੀਬਾਘਾ ਤੇ ਗੁਰਸੇਵਕ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ 'ਚ ਵਾਧਾ ਕੀਤਾ ਜਾ ਰਿਹਾ ਹੈ। ਨਿੱਤ ਦਿਨ ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ।
ਕਿਸਾਨਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਹੱਥ ਤੋਂ ਮਹਿੰਗਾਈ ਬਾਹਰ ਹੋ ਚੁੱਕੀ ਹੈ ਅਤੇ ਕੇਂਦਰ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਬਜਾਏ ਵਧਾਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਮਹਿੰਗਾਈ ਨੂੰ ਠੱਲ੍ਹ ਨਾ ਪਾਈ ਗਈ ਤਾਂ ਆਉਣ ਵਾਲੇ ਦਿਨਾਂ 'ਚ ਸਰਕਾਰ ਦੇ ਖਿਲਾਫ ਅੰਦੋਲਨ ਹੋਰ ਵੀ ਤੇਜ਼ ਕੀਤਾ ਜਾਵੇਗਾ ।
ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ ਤੇ ਦਿੱਲੀ ਦੇ ਬਾਰਡਰਾਂ ਉਤੇ ਪੱਕੇ ਮੋਰਚੇ ਲਾਈ ਬੈਠੇ ਹਨ। ਹੁਣ ਰੋਜ਼ਾਨਾਂ ਵਧਦੀਆਂ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਸੜਕਾਂ ਉਤੇ ਉਤਰ ਆਏ ਹਨ। ਇਸੇ ਸਿਲਸਿਲੇ 'ਚ ਅੱਜ ਕਿਸਾਨਾਂ ਨੇ ਕੇਂਦਰ ਦੇ ਨਾਂਅ ਡੀਸੀ ਦਫ਼ਤਰਾਂ ਵਿੱਚ ਮੰਗ ਪੱਤਰ ਦਿੱਤੇ।