ਮਾਨਸਾ :ਕੇਂਦਰ ਸਰਕਾਰ ਵੱਲੋਂ ਕਣਕ ਦੇ ਰੇਟਾਂ ਵਿੱਚ ਕੀਤੀ ਗਈ ਕਟੌਤੀ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਲਈ ਸਰਕਾਰ ਵੱਲੋਂ ਮੁਆਵਜ਼ਾ ਰਾਸ਼ੀ ਤਾਂ ਵੱਧ ਤਾਂ ਕੀ ਕਰਨੀ ਸੀ ਸਗੋਂ ਕਣਕ ਦੇ ਰੇਟ ਵਿੱਚ ਕਟੌਤੀ ਕਰਕੇ ਕਿਸਾਨਾਂ ਤੇ ਦੋਹਰੀ ਮਾਰ ਪਾਈ ਜਾ ਰਹੀ ਹੈ।
ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਗੜ੍ਹੇਮਾਰੀ ਅਤੇ ਤੇਜ਼ ਬਾਰਿਸ਼ ਤੇ ਨਾਲ ਕਣਕ ਦੀ ਫਸਲ ਦਾ ਦਾਣਾ ਕਾਲਾ ਹੋਣ ਦੇ ਚਲਦੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਰੇਟਾਂ ਵਿਚ ਕਟੌਤੀ ਕੀਤੀ ਗਈ ਹੈ, ਜਿਸਦੇ ਵਿਰੋਧ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕੇਂਦਰ ਸਰਕਾਰ ਆਪਣੇ ਇਸ ਫੈਸਲੇ ਨੂੰ ਵਾਪਿਸ ਲਵੇ। ਅੱਜ ਮਾਨਸਾ ਵਿਖੇ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਗੜ੍ਹੇਮਾਰੀ ਅਤੇ ਬਾਰਸ਼ ਨਾਲ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵਧਾਕੇ ਰਾਹਤ ਤਾਂ ਦੇਣੀ ਸੀ ਸਗੋਂ ਕਣਕ ਦੀ ਫਸਲ ਦੇ ਰੇਟ ਵਿੱਚ ਕਟੌਤੀ ਕਰਕੇ ਕਿਸਾਨਾਂ ਤੇ ਦੋਹਰੀ ਮਾਰ ਪਾਈ ਜਾ ਰਹੀ ਹੈ।