ਮਾਨਸਾ: ਦੇਸ਼ ਭਰ ਵਿੱਚ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਉਤਸ਼ਾਹ ਪੂਰਵਕ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦੀਵਾਲੀ ਦੇ ਤਿਉਹਾਰ ਲਈ ਉਨ੍ਹਾਂ ਵਿੱਚ ਉਦੋਂ ਤੱਕ ਖੁਸ਼ੀ ਨਹੀਂ ਆਵੇਗੀ, ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ।
'ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਨਹੀਂ ਮਨਾਈ ਜਾਵੇਗੀ ਦੀਵਾਲੀ ਤੇ ਲੋਹੜੀ' ਇਥੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਕਿਸਾਨਾਂ ਵੱਲੋਂ ਧਰਨਾ ਜਾਰੀ ਹੈ ਅਤੇ ਉਤਸ਼ਾਹ ਨਾਲ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੀਵਾਲੀ ਵਾਲੇ ਦਿਨ ਵੀ ਪੱਕੇ ਮੋਰਚੇ 'ਤੇ ਬੈਠਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਦੀਵਾਲੀ ਨੂੰ ਲੈ ਕੇ ਕੋਈ ਖੁਸ਼ੀ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਰੋਜ਼ੀ-ਰੋਟੀ ਦਾਅ 'ਤੇ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਵੀ ਕੋਈ ਖ਼ੁਸ਼ੀ ਨਹੀਂ ਹੈ।
ਕਿਸਾਨਾਂ ਨੇ ਕਿਹਾ ਕਿ ਤਿਉਹਾਰ ਦੀ ਖੁਸ਼ੀ ਨਾਲ ਕੋਈ ਰੋਸ ਨਹੀਂ ਹੈ ਪਰ ਕੇਂਦਰ ਉਨ੍ਹਾਂ ਨਾਲ ਵਿਤਕਰਾ ਕਰ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਦੀਵਾਲੀ ਇਸ ਵਾਰ ਸੰਘਰਸ਼ਾਂ ਵਿੱਚ ਹੀ ਗੁਜਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਉਨ੍ਹਾਂ ਚਿਰ ਦੀਵਾਲੀ ਅਤੇ ਲੋਹੜੀ ਦਾ ਤਿਉਹਾਰ ਨਹੀਂ ਮਨਾਉਗੇ, ਜਿੰਨਾ ਚਿਰ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਘਿਰਾਓ ਵੀ ਕਿਸਾਨ ਲਗਾਤਾਰ ਕਰਦੇ ਰਹਿਣਗੇ।