ਮਾਨਸਾ: ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਨਾ ਕਰਨ ਨੂੰ ਲੈ ਕੇ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡੀਸੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਚਾਹਲ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਦੋ ਦਿਨਾਂ ਗੇਟ ਰੈਲੀ ਕੀਤੀ ਗਈ ਸੀ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਉੱਕਾ ਵੀ ਧਿਆਨ ਨਹੀਂ ਦਿੱਤਾ। ਇਸ ਤੋਂ ਬਾਅਦ ਮਜਬੂਰਨ ਉਨ੍ਹਾਂ ਨੂੰ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨਾ ਪਿਆ।