ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ਼ ਅੰਦੋਲਨ ਜਾਰੀ ਹੈ। ਪਿੰਡਾਂ ਦੇ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਦੇ ਲਈ ਲਗਾਤਾਰ ਪ੍ਰੇਰਿਤ ਵੀ ਕੀਤਾ ਜਾ ਰਿਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਤੋਂ 26 ਤੱਕ ਪਾਰਲੀਮੈਂਟ ਦਾ ਘਿਰਾਓ ਕਰਨ ਦੇ ਸੱਦੇ ਤਹਿਤ ਮਾਨਸਾ ਦੇ ਰੇਲਵੇ ਸਟੇਸ਼ਨ ਤੋਂ ਸੈਂਕੜੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਿੱਲੀ ਦੇ ਲਈ ਰਵਾਨਾ ਹੋਏ।
ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਬਲਮ ਸਿੰਘ ਫਫੜੇ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਬੋਲਦੇ ਹੋਏ ਅਜੇ ਤੱਕ ਕਿਸਾਨਾਂ ਦੇ ਵਿਰੋਧੀ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨ ਦੇ ਵਿੱਚ ਰਾਜ਼ੀ ਹੋ ਰਹੀ।