ਮਾਨਸਾ: ਪੰਜਾਬ ਦੀਆਂ 9 ਖੱਬੇ ਪੱਖੀ ਪਾਰਟੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਟਰਜ਼ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਖੱਬੇ ਪੱਖੀ ਪਾਰਟੀਆਂ ਨੇ ਲੋਕ ਵਿਰੋਧੀ ਆਰਡੀਨੈਂਸ ਅਤੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਤੇ ਲਗਾਇਆ ਜਾ ਰਿਹਾ ਵਾਧੂ ਟੈਕਸ ਵਾਪਸ ਲੈਣ ਦੀ ਮੰਗ ਕੀਤੀ।
ਮਾਨਸਾ: ਖੱਬੇ ਪੱਖੀ ਪਾਰਟੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ, ਬਿਜਲੀ ਦਰ੍ਹਾਂ ਦੇ ਵਿੱਚ ਕੀਤੇ ਜਾ ਰਹੇ ਵਾਧੇ, ਕਿਸਾਨ ਵਿਰੋਧੀ ਪਾਸ ਕੀਤੇ ਗਏ ਆਰਡੀਨੈੱਸ ਆਦਿ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਦੀਆਂ 9 ਖੱਬੇ ਪੱਖੀ ਪਾਰਟੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਪੰਜਾਬ ਭਰ 'ਚੋਂ ਖੱਬੇ ਪੱਖੀ ਤੇ ਜਮਹੂਰੀ ਪਾਰਟੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ 6 ਤੋਂ 7 ਮੁੱਖ ਮੰਗਾਂ ਹਨ, ਜਿਨ੍ਹਾਂ ਨੂੰ ਉਹ ਲੋਕਾਂ ਸਾਹਮਣੇ ਲੈ ਕੇ ਆਉਣਾ ਚਾਹੁੰਦੇ ਹਨ, ਤਾਂ ਕਿ ਸਰਕਾਰ 'ਤੇ ਦਬਾਅ ਬਣਾ ਕੇ ਇਨ੍ਹਾਂ ਮੰਗਾਂ ਨੂੰ ਮਨਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਿਨੋਂ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਕੇਂਦਰ ਦੀ ਸਰਕਾਰ ਵੱਲੋਂ ਰਾਜਾਂ ਦੇ ਅਧਿਕਾਰਾਂ 'ਤੇ ਵੀ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਇੱਕ-ਇੱਕ ਕਰਕੇ ਸੂਬਾ ਸਰਕਾਰਾਂ ਤੋਂ ਉਨ੍ਹਾਂ ਦੇ ਰਾਜ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਆਰਡੀਨੈਂਸ ਪਾਸ ਕੀਤੇ ਹਨ ਜਿਸ ਨਾਲ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਜਾਵੇਗਾ, ਸਰਕਾਰ ਦਾ ਐਮਐਸਪੀ ਖ਼ਤਮ ਕਰਨ ਦਾ ਇਰਾਦਾ ਹੈ। ਜਿਨ੍ਹਾਂ ਨੂੰ ਉਹ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।