ਮਾਨਸਾ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਇਰਾਦਾ ਕਰ ਚੁੱਕੇ ਹਨ। ਇਸੇ ਤਹਿਤ ਹੀ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਤਿੰਨ ਦਿਨਾਂ ਤੱਕ ਰੇਲਾਂ ਦਾ ਚੱਕਾਂ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸੇ ਤਹਿਤ ਰੇਲਾਂ ਦਾ ਚੱਕਾ ਜਾਮ ਕਰਨ ਦੇ ਪਹਿਲੇ ਹੀ ਦਿਨ ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਰੇਲ ਦੀ ਪਟੜੀ 'ਤੇ ਪੱਕਾ ਮੋਰਚਾ ਲਾ ਦਿੱਤਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲ ਦੀ ਲਾਈਨ 'ਤੇ ਡਟ ਗਏ ਹਨ।
ਖੇਤੀ ਬਿੱਲਾਂ ਦਾ ਵਿਰੋਧ: ਮਾਨਸਾ 'ਚ ਰੇਲ ਪਟੜੀਆਂ 'ਤੇ ਡਟੇ ਕਿਸਾਨ - Farmers block railway tracks
ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਮਾਨਸਾ ਵਿੱਚ ਬੀਕੇਯੂ (ਉਗਰਾਹਾਂ) ਦੀ ਅਗਵਾਈ ਵਿੱਚ ਰੇਲਾਂ ਦਾ ਚੱਕਾ ਜਾਮ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ(ਉਗਰਾਹਾਂ) ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਮਾਰੂ 3 ਆਰਡੀਨੈਂਸ ਲੈ ਕੇ ਆਈ ਸੀ। ਜਿਨ੍ਹਾਂ ਨੂੰ ਬਾਅਦ ਵਿੱਚ ਸੰਸਦ ਵਿੱਚ ਪਾਸ ਕਰਕੇ ਕਾਨੂੰਨ ਦਾ ਰੂਪ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਿੱਲ ਕਿਸਾਨ ਅਤੇ ਲੋਕ ਮਾਰੂ ਹਨ। ਇਨ੍ਹਾਂ ਨਾਲ ਕਿਸਾਨ ਤਾਂ ਬਰਬਾਦ ਹੋਣਗੇ ਹੀ ਹੋਣਗੇ, ਕਿਸਾਨਾਂ ਨਾਲ ਆਮ ਲੋਕਾਂ ਨੂੰ ਵੀ ਇਹ ਬਿੱਲ ਬਰਬਾਦ ਕਰ ਦੇਣਗੇ।
ਭੈਣੀ ਬਾਘਾ ਨੇ ਕਿਹਾ ਜਿਨ੍ਹਾਂ ਸਮਾਂ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਉਨ੍ਹਾਂ ਸਮਾਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕੱਲ੍ਹ ਭਾਵ 25 ਸਤੰਬਰ ਨੂੰ ਪੂਰਾ ਪੰਜਾਬ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਜਿਨ੍ਹਾਂ ਸਮਾਂ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਪੰਜਾਬ ਦਾ ਕਿਸਾਨ ਚੁੱਪ ਕਰਕੇ ਨਹੀਂ ਬੈਠੇਗਾ।