ਮਾਨਸਾ: ਸੂਬੇ ਵਿੱਚ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਅੱਜ ਐਮ.ਪੀ, ਐਮ.ਐਲ.ਏ ਤੇ ਰਾਜ ਸਭਾ ਮੈਂਬਰਾਂ ਦੇ ਘਰ ਦਾ ਘਿਰਾਓ ਕਰਕੇ ਚਿਤਾਵਨੀ ਪੱਤਰ ਦਿੱਤੇ ਜਾ ਰਹੇ ਹਨ। ਮਾਨਸਾ ਵਿਖੇ 5 ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਮਾਰਚ ਕਰਨ ਤੋਂ ਬਾਅਦ ਵਿਧਾਇਕ ਨੂੰ ਚਿਤਾਵਨੀ ਪੱਤਰ ਦਿੱਤਾ ਗਿਆ ਤੇ ਪਾਸ ਕੀਤੇ ਕਿਸਾਨ ਮਾਰੂ 3 ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ।
ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਦੇਸ਼ ਭਰ ਦੀਆਂ 250 ਜਥੇਬੰਦੀਆਂ ਤੇ ਪੰਜਾਬ ਦੀ 10 ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਅਤੇ ਮਾਨਸਾ ਵਿੱਚ 5 ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਮਾਨਸਾ, ਬੁਢਲਾਡਾ, ਸਰਦੂਲਗੜ੍ਹ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਵਿਧਾਇਕਾਂ ਐਮਪੀ ਅਤੇ ਰਾਜ ਸਭਾ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾ ਰਹੇ ਹਨ ਤਾਂ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਜਲਦ ਹੀ ਵਿਸ਼ੇਸ਼ ਸੈਸ਼ਨ ਬੁਲਾ ਕੇ ਇਨ੍ਹਾਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੇ ਲਈ ਕੇਂਦਰ ਨੂੰ ਮਤਾ ਭੇਜਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਿੰਨ ਖੇਤੀ ਆਰਡੀਨੈਂਸਾਂ 'ਤੇ ਗੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵਿਧਾਇਕਾਂ ਐਮਪੀ ਤੇ ਰਾਜ ਸਭਾ ਮੈਂਬਰਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।