ਮਾਨਸਾ : ਸੂਬੇ ਵਿੱਚ ਪਰਾਲੀ ਦੀ ਸੱਮਸਿਆ ਨੂੰ ਮਜ਼ਬੂਰੀ ਦੱਸਦੇ ਹੋਏ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ 12 ਪਿੰਡਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੀਰੋ ਬਰਨਿੰਗ ਦੀ ਸ਼੍ਰੇਣੀ ਦੇ ਵਿੱਚ ਸ਼ਾਮਲ ਕੀਤਾ ਗਿਆ ਹੈ।
ਜ਼ੀਰੋ ਬਰਨਿੰਗ ਦੀ ਸ਼੍ਰੇਣੀ 'ਚ ਸ਼ਾਮਲ ਇੱਕ ਪਿੰਡ ਹੈ ਘਰਾਂਗਣਾ। ਇਥੇ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਅਤੇ ਹੈਪੀ ਸੀਡਰ ਦੀ ਮਦਦ ਨਾਲ ਖੇਤਾਂ 'ਚ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ।
ਇਨ੍ਹਾਂ ਕਿਸਾਨਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਿਥੇ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਦੂਜੇ ਪਾਸੇ ਉਪਜਾਊ ਮਿੱਟੀ 'ਚ ਅਗਲੀ ਫਸਲ ਲਈ ਜ਼ਰੂਰੀ ਤੱਤ ਅਤੇ ਮਿੱਤਰ ਕੀੜੇ ਵੀ ਖ਼ਤਮ ਹੋ ਜਾਂਦੇ ਹਨ। ਇਸ ਨਾਲ ਉਪਜਾਊ ਮਿੱਟੀ ਦੀ ਸਮਰਥਾ ਘੱਟ ਜਾਂਦੀ ਹੈ। ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਣਕ ਦੀ ਫਸਲ ਦੀ ਸਿੱਧੀ ਬਿਜਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਜੇਕਰ ਪਰਾਲੀ ਸਾੜੇ ਬਿਨ੍ਹਾਂ ਹੀ ਹੈਪੀ ਸੀਡਰ ਦੀ ਮਦਦ ਨਾਲ ਕਣਕ ਦੀ ਸਿੱਧੀ ਬਿਜਾਈ ਕਰ ਸਕਦਾ ਹੈ।