ਮਾਨਸਾ:ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਲਗਾਤਾਰ ਸੰਘਰਸ਼ 'ਤੇ ਡੱਟੇ ਹੋਏ ਹਨ। ਇਸ ਕਿਸਾਨ ਅੰਦੋਲਨ ਦਾ ਅਸਰ ਪੰਜਾਬ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨ ਅੰਦੋਲਨ ਦੀ ਹਮਾਇਤ 'ਚ ਮਾਨਸਾ ਦੇ ਕਿਸਾਨਾਂ ਨੇ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਲਾਇਆ ਹੈ।
ਮਾਨਸਾ ਰੇਲਵੇ ਸਟੇਸ਼ਨ ਬਾਹਰ ਧਰਨਾ ਲਾ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ 'ਚ ਭਾਰੀ ਰੋਸ ਹੈ। ਇਸ ਦੇ ਚਲਦੇ ਕਿਸਾਨਾਂ ਨੇ ਮਾਨਸਾ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਲਾਇਆ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ 'ਤੇ ਵਾਧੂ ਬੋਝ ਪਾ ਰਹੀ ਹੈ।
ਇਸ ਧਰਨੇ ਦੌਰਾਨ ਵੱਡੀ ਗਿਣਤੀ 'ਚ ਨੌਜਵਾਨ,ਬਜ਼ੁਰਗ ਤੇ ਕਿਸਾਨ ਸ਼ਾਮਲ ਹੋਏ। ਮਾਨਸਾ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੋਦੀ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਆਖਦੇ ਸੀ, ਕਿਸਾਨੀ ਸੰਘਰਸ਼ 'ਚ ਆਪਣਾ ਹਿੱਸਾ ਪਾ ਕੇ ਪੰਜਾਬ ਦੇ ਨੌਜਵਾਨਾਂ ਨੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਪੰਜਾਬ ਦੇ ਨੌਜਵਾਨ ਤੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ੍ਹਨ ਲਈ ਦਿੱਲੀ ਦੇ ਬਾਰਡਰਾਂ 'ਤੇ ਇੱਕਜੁੱਟ ਹੋ ਕੇ ਡੱਟੇ ਹੋਏ ਹਨ। ਖੇਤੀ ਕਾਨੂੰਨ ਲਿਆ ਕੇ ਕੇਂਦਰ ਸਰਕਾਰ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਉੱਤੇ ਵਾਧੂ ਬੋਝ ਪਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਮਰਜ਼ੀ ਤੋਂ ਬਗੈਰ ਜਬਰਨ ਕੇਂਦਰ ਸਰਕਾਰ ਕਿਸਾਨਾਂ 'ਤੇ ਇਹ ਕਾਨੂੰਨ ਥੋਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਇਹ ਖੇਤੀ ਕਾਨੂੰਨ ਮਹਿਜ਼ ਕਿਸਾਨ ਵਿਰੋਧੀ ਹੀ ਨਹੀਂ ਸਗੋਂ ਹਰ ਵਰਗ ਲਈ ਮਾਰੂ ਹਨ। ਉਨ੍ਹਾਂ ਕੇਂਦਰ ਨੂੰ ਆਪਣਾ ਅੜੀਅਲ ਰਵਇਆ ਛੱਡੇ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਦਿੱਲੀ ਵਿਖੇ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ 'ਚ ਹਿੱਸਾ ਲੈਣ ਦਾ ਸੱਦਾ ਦਿੱਤਾ।