ਕਰਜ਼ ਮਾਫ਼ੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ 36ਵੇਂ ਦਿਨ 'ਚ ਸ਼ਾਮਲ
ਕਰਜ਼ ਮਾਫ਼ੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਲੱਗਿਆ ਧਰਨਾ ਹੋਇਆ 36ਵੇਂ ਦਿਨ ਚ ਸ਼ਾਮਲ। ਕਿਸਾਨਾਂ ਨੇ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ।
ਮਾਨਸਾ: ਪੰਜਾਬ ਕਿਸਾਨ ਯੂਨੀਅਨ ਅਤੇ ਸੀ.ਪੀ.ਆਈ.ਐੱਮ.ਐੱਲ ਵੱਲੋਂ 22 ਜਨਵਰੀ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲਾਇਆ ਜਾ ਰਿਹਾ ਧਰਨਾ 36 ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ।
ਅੱਜ ਕਿਸਾਨਾਂ ਵੱਲੋਂ ਰੈਲੀ ਕਰਕੇ ਸਰਕਾਰ ਦੇ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਨਾਹਰੇਬਾਜ਼ੀ ਕੀਤੀ। ਕਿਸਾਨਾਂ ਦੀ ਮੰਗ ਹੈ ਕਿ ਮਾਨਸਾ ਦੇ ਖੁਦਕੁਸ਼ੀ ਕਰ ਚੁੱਕੇ ਕਿਸਾਨ ਪਰਿਵਾਰਾਂ ਦਾ ਕਰਜ਼ ਮਾਫ਼ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਪੰਜਾਬ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਪੰਜਾਬ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਕਰਨ ਅਤੇ ਖ਼ੁਦਕੁਸ਼ੀ ਕਰ ਚੁੱਕੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਵਾਅਦੇ ਕੀਤੇ ਸਨ ਪਰ ਸੱਤਾ ਵਿੱਚ ਆਉਣ ਤੋ ਬਾਅਦ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਜਿਸ ਦੇ ਚਲਦੇ ਪੰਜਾਬ ਕਿਸਾਨ ਯੂਨੀਅਨ ਵੱਲੋ ਲਗਾਤਾਰ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ
ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਮਾਨਸਾ ਦੇ 1400 ਖ਼ੁਦਕੁਸ਼ੀ ਕਰ ਚੁੱਕੇ ਕਿਸਾਨ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਅਤੇ ਉਨ੍ਹਾਂ ਦਾ ਪੂਰਾ ਕਰਜ਼ ਮਾਫ਼ ਨਹੀਂ ਕਰਦੀ