ਕੇਂਦਰ ਖਿਲਾਫ ਕਿਸਾਨਾਂ ਨੇ ਖੋਲ੍ਹਿਆ ਮੋਰਚਾ,ਪੱਗਾਂ 'ਤੇ ਬੰਨੀਆਂ ਕਾਲੀਆਂ ਪੱਟੀਆਂ,ਲਾਖੀਮਪੁਰ ਖੀਰੀ ਮਾਮਲੇ 'ਚ ਮੰਗਿਆਂ ਇਨਸਾਫ ਮਾਨਸਾ :ਕਿਸਾਨੀ ਅੰਦੋਲਨ ਦੇ ਦੌਰਾਨ ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਤੱਕ ਇਨਸਾਫ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸਾਨਾਂ ਵੱਲੋਂ ਇੱਕ ਵਾਰ ਫਿਰ ਤੋਂ ਮੋਰਚਾ ਖੋਲ੍ਹਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਦੇਸ਼ ਭਰ ਵਿਚ ਕੇਂਦਰ ਸਰਕਾਰ ਖਿਲਾਫ ਰੋਸ ਜਤਾਇਆ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਅਤੇ ਕੇਂਦਰੀ ਮੰਤਰੀ ਅਜੇ ਟੋਨੀ ਦਾ ਪੁਤਲਾ ਫੂਕਿਆ ਅਤੇ ਕਿਸਾਨਾਂ ਨੇ ਮਾਨਸਾ ਵਿਖੇ ਕਾਲੀਆਂ ਪੱਗਾਂ ਬੰਨ ਕੇ ਅਤੇ ਕਾਲੀਆਂ ਪੱਟੀਆਂ ਬੰਨ ਕੇ ਰੋਸ ਪ੍ਰਗਟਾਇਆ। (Farmer protest in mansa)
ਦੱਸਣਯੋਗ ਹੈ ਕਿ ਲਖੀਮਪੁਰ ਵਿਖੇ ਕਿਸਾਨ ਅੰਦੋਲਨ ਦੌਰਾਨ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਜੀਪ ਨਾਲ ਦਰੜ ਕੇ ਮਾਰ ਦਿੱਤਾ ਗਿਆ ਸੀ। ਜਿੰਨਾ ਦੇ ਕਤਲ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਰਵਾਈ ਦੀ ਮੰਗ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ।
ਮੰਨੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦੀ ਮੰਗ: ਮਾਨਸਾ ਵਿਖੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਇਨਸਾਫ ਦੀ ਮੰਗ ਕੀਤੀ ਗਈ ਅਤੇ ਕਿਸਾਨੀ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਸਮੇਂ ਕਿਸਾਨਾਂ ਵੱਲੋਂ ਦਿੱਲੀ ਦੇ ਵਿੱਚ ਜਿੱਥੇ ਵੱਡਾ ਸੰਘਰਸ਼ ਲੜਿਆ ਗਿਆ ਉਥੇ ਹੀ ਲਖੀਮਪੁਰ ਖੀਰੀ ਦੇ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਤੇ ਗੱਡੀ ਚੜਾ ਕੇ ਉਹਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਲਗਾਤਾਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ।
ਸਿਰਾਂ 'ਤੇ ਕਾਲੀਆਂ ਪੱਗਾਂ ਬੰਨ ਕੇ ਇਨਸਾਫ ਲਈ ਰੋਸ:ਉਹਨਾਂ ਕਿਹਾ ਕਿ ਅੱਜ ਦੇਸ਼ ਭਰ ਦੇ ਵਿੱਚ ਕਾਲੀਆਂ ਝੰਡੀਆਂ ਅਤੇ ਸਿਰਾਂ 'ਤੇ ਕਾਲੀਆਂ ਪੱਗਾਂ ਬੰਨ ਕੇ ਇਨਸਾਫ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਹਨਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੇ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦੇ ਹੋਏ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕਿਸਾਨੀ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਅੱਜ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।