ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿਲਾਂ ਦਾ ਕਿਸਾਨਾਂ ਵੱਲੋਂ ਪਹਿਲਾਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਕੇਂਦਰ ਸਰਕਾਰ ਨੇ ਇੱਕ ਹੋਰ ਨਵਾਂ ਕਾਨੂੰਨ ਪਾਸ ਕਰ ਦਿੱਤਾ, ਜਿਸ ਦੇ ਅਧੀਨ ਪਰਾਲੀ ਸਾੜਨ ਵਾਲੇ ਕਿਸਾਨ ਨੂੰ 5 ਸਾਲ ਦੀ ਸਜ਼ਾ ਤੇ ਇੱਕ ਕਰੋੜ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।
ਇਸ ਮਾਮਲੇ ਸਬੰਧੀ ਈਟੀਵੀ ਭਾਰਤ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਦਿਨ ਕਿਸਾਨ ਵਿਰੋਧੀ ਫ਼ੈਸਲੇ ਲੈ ਕੇ ਆ ਰਹੀ ਹੈ, ਜਿਸ ਨੂੰ ਕਿਸਾਨ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਪਹਿਲਾਂ ਹੀ ਕੇਂਦਰ ਨੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਕਰ ਦਿੱਤਾ ਹੈ ਅਤੇ ਕਿਸਾਨ ਆਪਣੇ ਇਰਾਦੇ ਦੇ ਪੱਕੇ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ।