ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਮਾਨਸਾ : ਕਿਸਾਨਾਂ ਵੱਲੋਂ ਮੰਡੀਆਂ ਵਿੱਚ ਰੁਲ਼ ਰਹੀ ਮੂੰਗੀ ਦੀ ਫ਼ਸਲ ਦਾ ਪੂਰਾ ਮੁੱਲ ਨਾ ਮਿਲਣ ਦੇ ਰੋਸ ਵਜੋਂ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਬਾਹਰ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਪਿਛਲੇ ਸਮੇਂ ਵਿੱਚ ਬੇਮੌਸਮੀ ਬਾਰਿਸ਼ ਨਾਲ ਖ਼ਰਾਬ ਹੋਈ ਕਣਕ ਦੀ ਫਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ।
ਮੰਡੀਆਂ ਵਿੱਚ ਰੁਲ਼ ਰਹੀ ਕਿਸਾਨਾਂ ਦੀ ਫ਼ਸਲ :ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ ਮਾਨਸਾ ਵਿਖੇ ਮੁੰਗੀ ਦੀ ਮੰਡੀਆਂ ਵਿੱਚ ਰੁਲ ਰਹੀ ਫ਼ਸਲ ਦਾ ਪੂਰਾ ਮੁੱਲ ਨਾ ਮਿਲਣ ਕਾਰਨ ਅਤੇ ਵਪਾਰੀਆਂ ਵੱਲੋਂ ਕੌਡੀਆਂ ਦੇ ਭਾਅ ਖਰੀਦੇ ਜਾਣ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ੇ ਦੀ ਫਸਲ ਦੀ ਬਿਜਾਈ ਕਰਨ ਦੇ ਲਈ ਕਿਹਾ ਗਿਆ ਸੀ, ਪਰ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਰੁਲ ਰਹੀ ਹੈ।
ਫਸਲਾਂ ਉਤੇ ਐਮਐਸਪੀ ਦੀ ਮੰਗ :ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਇਸ ਪਾਸੇ ਫੌਰੀ ਧਿਆਨ ਦੇ ਕੇ ਕਿਸਾਨਾਂ ਦੀ ਫਸਲ ਦਾ ਪੂਰਾ ਮੁੱਲ ਦੇਵੇ ਅਤੇ ਫ਼ਸਲ ਨੂੰ ਐਮਐਸਪੀ ਤੇ ਖਰੀਦਿਆ ਜਾਵੇ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕੇ ਕਿਸਾਨਾਂ ਨੂੰ ਘੱਟ ਸਮੇਂ ਵਿਚ ਪੱਕਣ ਵਾਲੀ ਫ਼ਸਲ ਅਤੇ ਘੱਟ ਪਾਣੀ ਦੀ ਵਰਤੋਂ ਕਰਨ ਵਾਲੀ ਝੋਨੇ ਦੀ ਕਿਸਮ ਦਿੱਤੀ ਜਾਵੇ ਤਾਂ ਕਿ ਕਿਸਾਨ ਪਾਣੀ ਦੀ ਵੀ ਬਚਤ ਕਰ ਸਕਣ ਅਤੇ ਚੰਗੀ ਫਸਲ ਦੀ ਪੈਦਾਵਾਰ ਵੀ ਕਰ ਸਕਣ ਤੇ ਨਾਲ ਹੀ ਸਰਕਾਰ ਤੋਂ ਕਿਸਾਨਾਂ ਨੇ ਫਸਲਾਂ ਉਤੇ ਐਮਐਸਪੀ ਦੀ ਮੰਗ ਕੀਤੀ ਹੈ।
ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ :ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਨਸਾ ਜ਼ਿਲ੍ਹੇ ਵਿੱਚੋਂ ਕਣਕ ਦੀ ਫ਼ਸਲ ਨੂੰ ਬੇਮੌਸਮੀ ਹੋਈ ਬਾਰਿਸ਼ ਨੇ ਬਰਬਾਦ ਕਰ ਦਿੱਤਾ ਸੀ ਅਤੇ ਉਸ ਸਮੇਂ ਸਰਕਾਰ ਨੇ 15 ਦਿਨਾਂ ਵਿੱਚ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਸੀ, ਪਰ ਹਾਲੇ ਤੱਕ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਚਿਤਾਵਨੀ ਵੀ ਦਿਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।