ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਕੇਂਦਰ ਦੇ ਖਿਲਾਫ਼ ਸੰਘਰਸ਼ ਕਰ ਰਹੀਆਂ ਹਨ। ਜਿੱਥੇ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਜਾਮ ਕੀਤੀਆਂ ਗਈਆਂ ਹਨ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕਾਰਪੋਰੇਟ ਅਦਾਰਿਆਂ ਦੇ ਬਾਹਰ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ ਦੇ ਵਿੱਚ ਕਿਸਾਨ ਜਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਿਟਡ, ਤਿੰਨ ਰਿਲਾਇੰਸ ਪੰਪ ਅਤੇ ਦੋ ਟੋਲ ਪਲਾਜ਼ਾ 'ਤੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਕੀਤਾ ਜਾ ਰਿਹਾ ਹੈ।
ਮਾਨਸਾ 'ਚ ਕਿਸਾਨਾਂ ਨੇ ਰਿਲਾਇੰਸ ਪੈਟਰੋਲ ਪੰਪ ਘੇਰ ਕੇ ਕੀਤਾ ਪ੍ਰਦਰਸ਼ਨ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
ਮਾਨਸਾ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੋਲ ਪੰਪਾਂ ਨੂੰ ਘੇਰ ਕੇ ਆਪਣਾ ਰੋਸ ਜਤਾਇਆ ਜਾ ਰਿਹਾ ਹੈ।

ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ਵਿੱਚ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕੀਤੇ ਗਏ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੱਖਰੇ ਰੂਪ ਦੇ ਵਿੱਚ ਕਾਰਪੋਰੇਟ ਅਦਾਰਿਆਂ ਦੇ ਬਾਹਰ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਿਟਡ, ਤਿੰਨ ਰਿਲਾਇੰਸ ਪੰਪ ਅਤੇ ਦੋ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਾਲ ਗੱਲਬਾਤ ਕਰਨ ਦਾ ਸੱਦਾ ਦਿੱਤਾ ਗਿਆ ਸੀ ਪਰ ਕਿਸਾਨ ਜਥੇਬੰਦੀਆਂ ਨੇ ਇਸ ਸੱਦੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਜਾਰੀ ਰਹੇਗਾ।
ਬੀਕੇਯੂ (ਉਗਰਾਹਾਂ) ਦੇ ਬਲਾਕ ਬੁਢਲਾਡਾ ਦੇ ਪ੍ਰਧਾਨ ਬੱਲਮ ਸਿੰਘ ਕਲੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਖ-ਵੱਖ ਥਾਵਾਂ 'ਤੇ ਧਰਨੇ ਦੇ ਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖਣਗੇ।