ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦਾ ਕਿਸਾਨ, ਆਮ ਲੋਕ ਅਤੇ ਕਲਾਕਾਰ ਵੀ ਸੰਘਰਸ਼ ਦੇ ਮੈਦਾਨ ਵਿੱਚ ਹਨ। 1 ਅਕਤੂਬਰ ਤੋਂ ਪੰਜਾਬ ਭਰ ਵਿੱਚ ਰੇਲਵੇ ਪੱਟੜੀਆਂ ਨੂੰ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਨਿਗਮੀ ਅਦਾਰਿਆਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਨਸਾ ਵਿਖੇ ਰਿਲਾਇੰਸ ਪੈਟਰੋਲ ਪੰਪ ਦੇ ਬਾਹਰ ਧਰਨਾ ਦੇ ਰਹੇ ਬੀਕੇਯੂ ਉਗਰਾਹਾਂ ਦੇ ਧਰਨੇ ਵਿੱਚ ਜਿੱਥੇ ਬਜ਼ੁਰਗ, ਨੌਜਵਾਨ ਅਤੇ ਔਰਤਾਂ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ, ਉੱਥੇ ਹੀ ਹੁਣ ਇਸ ਸੰਘਰਸ਼ ਵਿੱਚ ਕਿਸਾਨਾਂ ਦੀਆਂ ਧੀਆਂ ਵੀ ਸ਼ਮੂਲੀਅਤ ਕਰਨ ਲੱਗੀਆਂ ਹਨ।
ਕਿਸਾਨਾਂ ਦੀਆਂ ਇਹ ਧੀਆਂ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹਿਣਗੇ।
ਇਸ ਮੌਕੇ ਮਨਪ੍ਰੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕੀਤੇ ਨੇ ਉਨ੍ਹਾਂ ਦੇ ਵਿਰੋਧ 'ਚ ਉਹ ਲਗਾਤਾਰ ਧਰਨਿਆਂ ਵਿੱਚ ਸ਼ਾਮਲ ਹੋ ਕੇ ਆਪਣੇ ਮਾਂ-ਪਿਓ ਦਾ ਸਾਥ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿਸਾਨੀ ਨੂੰ ਬਚਾਉਣ ਲਈ ਉਹ ਆਪਣੇ ਮਾਪਿਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ। ਉਨ੍ਹਾਂ ਕਿਹਾ ਇਨ੍ਹਾਂ ਖੇਤੀ ਕਾਨੂੰਨਾਂ ਦੇ ਆਉਣ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਖੁੱਸ ਜਾਣਗੀਆਂ ਅਤੇ ਕਾਰਪੋਰੇਟ ਘਰਾਣੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰ ਲੈਣਗੇ, ਜਿਸ ਨਾਲ ਕਿਸਾਨ ਮਜ਼ਦੂਰ ਵਰਗ ਬੇਜ਼ਮੀਨਾ ਹੋ ਜਾਵੇਗਾ।