ਮਾਨਸਾ:ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ 10 ਜੂਨ ਦੀ ਤਾਰੀਖ ਤੈਅ ਕੀਤੀ ਗਈ ਹੈ, ਪ੍ਰੰਤੂ ਮਾਨਸਾ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜ ਕੇ ਖੇਤਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਵਾਸੀ ਮਜ਼ਦੂਰਾਂ ਦੀ ਕਮੀ ਦੇ ਕਾਰਨ 10 ਜੂਨ ਤੋਂ ਇੱਕਠੇ ਝੋਨੇ ਦੀ ਬਿਜਾਈ ਕਰਨ ਸਮੇਂ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ, ਇਸ ਲਈ ਕਿਸਾਨ ਸਰਕਾਰ ਤੋਂ ਝੋਨੇ ਦੀ ਲਵਾਈ ਇੱਕ ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ।
ਸਰਕਾਰ ਇੱਕ ਜੂਨ ਤੋਂ ਝੋਨਾ ਲਾਉਣ ਦੀ ਦਵੇ ਇਜਾਜ਼ਤ: ਕਿਸਾਨ - 10 ਜੂਨ ਤੋਂ ਝੋਨੇ ਦੀ ਲਵਾਈ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਕਰਨ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ।
ਉਥੇ ਹੀ ਮੁੱਖ ਖੇਤੀਬਾੜੀ ਅਫਸਰ ਡਾਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਲਵਾਈ ਲਈ 20 ਜੂਨ ਦੀ ਤਾਰੀਖ ਦੀ ਸਿਫਾਰਿਸ਼ ਕੀਤੀ ਗਈ ਸੀ, ਪ੍ਰੰਤੂ ਕਿਸਾਨਾਂ ਦੀ ਮੰਗ ਉੱਤੇ ਸਰਕਾਰ ਵੱਲੋਂ ਪਿਛਲੇ ਸਾਲ ਅਤੇ ਇਸ ਸਾਲ ਝੋਨੇ ਦੀ ਲਵਾਈ ਲਈ 10 ਜੂਨ ਤੈਅ ਕੀਤੀ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨਾ ਪਾਣੀ ਦੇ ਡਿੱਗਦੇ ਪੱਧਰ ਲਈ ਨੁਕਸਾਨ ਦਾਇਕ ਹੈ ਅਤੇ ਕਿਸਾਨਾਂ ਨੂੰ 10 ਜੂਨ ਤੋਂ ਹੀ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਸਰਕਾਰ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਸਰਕਾਰ 10 ਜੂਨ ਤੋਂ ਝੋਨੇ ਦੀ ਲਵਾਈ ਲਈ ਬਿਜਲੀ ਦੇਣ ਦੀ ਗੱਲ ਕਹਿ ਰਹੀ ਹੈ ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਇੱਕੋ ਸਮੇ ਝੋਨੇ ਦੀ ਲਵਾਈ ਕਰਨ ਸਮੇਂ ਕਿਸਾਨਾਂ ਨੂੰ ਲੇਬਰ ਦੀ ਸੱਮਸਿਆ ਆਵੇਗੀ, ਕਿਉਂਕਿ ਬਾਹਰੀ ਸੂਬਿਆਂ ਤੋਂ ਮਜ਼ਦੂਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਦੇਖਦੇ ਹੋਏ ਸਰਕਾਰ ਕਿਸਾਨਾਂ ਦੀ ਮੰਗ ਅਨੁਸਾਰ 1 ਜੂਨ ਤੋਂ ਝੋਨੇ ਦੀ ਲਵਾਈ ਕਰਨ ਦੀ ਇਜਾਜ਼ਤ ਦੇਵੇ ਤੇ ਬਿਜਲੀ ਸਪਲਾਈ 24 ਘੰਟੇ ਦਿਤੀ ਜਾਵੇ।
ਇਹ ਵੀ ਪੜੋ: ਕਿਸਾਨਾਂ ’ਤੇ ਹੋਏ ਲਾਠੀਚਾਰਜ ਲਈ ਚੜੂਨੀ ਨੇ ਮੁੱਖ ਮੰਤਰੀ ਖੱਟਰ ਨੂੰ ਠਹਿਰਾਇਆ ਦੋਸ਼ੀ