ਮਾਨਸਾ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਮਾਨਸਾ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਹੈ।
ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਲੁੱਟਣ ਲਈ ਇੱਕ ਮੌਕਾ ਦੇਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਪਾਣੀਆਂ ਅਤੇ ਹੋਰ ਸਰੋਤਾਂ 'ਤੇ ਕਬਜ਼ਾ ਕਰਨ ਦੀ ਗੱਲ ਕਰਦਾ ਸੀ ਅਤੇ ਪੰਜਾਬ ਨਾਲ ਲੜਦਾ ਸੀ, ਹੁਣ ਇੱਕ ਮੌਕਾ ਦੇਣ ਦੀ ਗੱਲ ਕਰਨ ਦਾ ਕੀ ਹੱਕ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਤੋਂ ਸਿਆਸੀ ਪਾਰਟੀਆਂ ਪੰਜਾਬ ਨੂੰ ਚਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਅਕਾਲੀ ਦਲ ਹੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ ਦੀ ਗੱਲ ਕਰਦੀ ਹੈ। ਇੰਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਸਰਦੂਲਗੜ੍ਹ ਤੋਂ ਆਪਣੇ ਉਮੀਦਵਾਰ ਦਿਲਰਾਜ ਸਿੰਘ ਭੂਦੜ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਦੂਲੋਵਾਲ ਝੁਨੀਰ ਅਤੇ ਸਰਦੂਲਗੜ੍ਹ ਵਿੱਚ ਪਾਰਟੀ ਰੈਲੀਆਂ ਨੂੰ ਸੰਬੋਧਨ ਕੀਤਾ।