ਚੰਡੀਗੜ੍ਹ ਡੈਸਕ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਅੱਜ ਸਾਰੇ ਨਾਮਜ਼ਦ ਕੀਤੇ ਗਏ ਵਿਅਕਤੀ ਨੂੰ ਪੇਸ਼ ਕੀਤਾ ਜਾਣਾ ਸੀ, ਪਰ ਸੀਜੇਐਮ ਛੁੱਟੀ ਉਤੇ ਹੋਣ ਕਾਰਨ ਉਨ੍ਹਾਂ ਦੀ ਪੇਸ਼ੀ ਰੱਦ ਕਰਨੀ ਪਈ। ਹਾਲਾਂਕਿ ਦੂਜੇ ਪਾਸੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ਉਤੇ ਚੱਲ ਰਹੇ ਜੋਗਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਜਿਥੇ ਅਦਾਲਤ ਨੇ ਉਸ ਦਾ 6 ਦਿਨ ਦਾ ਰਿਮਾਂਡ ਦਿੱਤਾ ਹੈ।
ਦੱਸ ਦਈਏ ਕਿ ਪੇਸ਼ੀ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸੂਤਰਾਂ ਅਨੁਸਾਰ ਇਨ੍ਹਾਂ ਸਾਰੇ ਹੀ ਵਿਅਕਤੀਆਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਜਾਣਾ ਸੀ। ਇਨ੍ਹਾਂ ਮੁਲਜ਼ਮਾਂ ਵਿਚ ਮੁੱਖ ਸਾਜਿਸ਼ਕਰਤਾ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਪਰਿਆਵਰਤ ਫੌਜੀ, ਅੰਕਿਤ ਸਿਰਸਾ, ਦੀਪਕ ਟਿਨੂੰ, ਕਪਿਲ ਪੰਡਤ, ਰਾਜਿੰਦਰ ਜੋਕਰ, ਸੰਦੀਪ ਕੇਕੜਾ, ਬਿੱਟੂ ਸਮੇਤ 31 ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ। ਇਸ ਉਤੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੋਸਟ ਸਾਂਝੀ ਕਰਦਿਆਂ ਪੁੱਛਿਆ ਸੀ ਕਿ ਕੀ ਸਾਰੇ ਮੁਲਜ਼ਮ ਅੱਜ ਅਦਾਲਤ ਵਿੱਚ ਪੇਸ਼ ਹੋਣਗੇ?
ਦੱਸਣਯੋਗ ਹੈ ਕਿ ਪਿਛਲੀ ਪੇਸ਼ੀ ਦੌਰਾਨ ਇਹਨਾਂ ਵਿਅਕਤੀਆਂ ਨੂੰ ਨਾਭਾ ਵੀਡੀਓ ਕਾਨਫਰੰਸਿੰਗ ਜ਼ਰੀਏ ਅਤੇ ਨਾ ਹੀ ਫ਼ਿਜ਼ੀਕਲ ਤੌਰ ਉਤੇ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਹੁਕਮ ਜਾਰੀ ਕੀਤਾ ਸੀ, ਅਦਾਲਤ ਵਿੱਚ ਪੇਸ਼ ਕੀਤਾ ਜਾਵੇ, ਜਿਸ ਤਹਿਤ ਅੱਜ ਮਾਨਸਾ ਦੀ ਮਾਨਯੋਗ ਅਦਾਲਤ ਵਿਚ ਇਨ੍ਹਾਂ ਸਾਰੇ ਨਾਮਜ਼ਦ ਵਿਅਕਤੀਆਂ ਦੀ ਪੇਸ਼ੀ ਹੋਣੀ ਸੀ, ਜੋ ਕਿ ਅੱਜ ਰੱਦ ਹੋ ਗਈ।
29 ਨੂੰ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ29 ਮਈ 2022 ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿਖੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਗਿਆ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਉਣਾ ਬਾਕੀ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਗੋਲਡੀ ਬਰਾੜ ਹੈ।