ਮਾਨਸਾ:ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਐੱਮ ਐੱਸ ਪੀ ਤੇ ਕਿਸਾਨਾਂ ਵੱਲੋਂ ਉਠਾਏ ਗਏ ਮੁੱਦੇ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਦੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਰਾਜ ਸਭਾ ਦੇ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਐੱਮਐੱਸਪੀ ’ਤੇ ਕਮੇਟੀ ਬਣਾਉਣ ਲਈ ਤਿਆਰ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਤੋਂ ਦੋ ਨਾਂ ਮੰਗੇ ਗਏ ਹਨ ਪਰ ਅਜੇ ਤੱਕ ਉਨ੍ਹਾਂ ਵੱਲੋਂ ਨਹੀਂ ਭੇਜੇ ਗਏ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਐੱਮਐੱਸਪੀ ’ਤੇ ਕਮੇਟੀ ਵਿੱਚ ਨਾਮ ਭੇਜਣ ਦੇ ਲਈ ਜਲਦ ਹੀ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਬੁਲਾ ਰਿਹਾ ਹੈ ਅਤੇ ਉਸ ਤੋਂ ਬਾਅਦ ਕੇਂਦਰ ਨੂੰ ਨਾਂ ਭੇਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਵਿੱਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਗੁਰਨਾਮ ਸਿੰਘ ਚੜੂਨੀ ਆਦਿ ਆਗੂ ਸ਼ਾਮਲ ਹੋ ਸਕਦੇ ਹਨ।