ਮਾਨਸਾ: ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚੋਂ ਇਸ ਬਾਰ ਸਿੱਧੀ ਸਪੈਸ਼ਲ ਫਸਲ ਭਰਨ ਦੇ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਤੋਂ ਬਾਅਦ ਅੱਜ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਜ਼ਿਲਾ ਫੂਡ ਸਪਲਾਈ ਅਫ਼ਸਰ ਦੇ ਦਫ਼ਤਰ ਬਾਹਰ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਮਜ਼ਦੂਰਾਂ ਦੇ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਜਿਸ ਦਾ ਆਉਣ ਵਾਲੇ ਦਿਨਾਂ ਦੇ ਵਿੱਚ ਵਿਰੋਧ ਜਾਰੀ ਰਹੇਗਾ। ਕੇਂਦਰ ਵੱਲੋਂ ਜਾਰੀ ਕੀਤੇ ਗਏ ਮਜ਼ਦੂਰ ਵਿਰੋਧੀ ਫਰਮਾਨ ਨੂੰ ਤੁਰੰਤ ਵਾਪਸ ਲੈਣ ਦੀ ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗਈ ਹੈ।
ਮਾਰੂ ਫੈਸਲੇ ਨਾਲ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਹੋ ਜਾਣਗੇ:ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਜ਼ਿਲਾ ਫੂਡ ਸਪਲਾਈ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਮੰਡੀਆਂ ਵਿੱਚੋਂ ਹੀ ਸਿੱਧੀ ਸਪੈਸ਼ਲ ਫਸਲ ਭਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਨਾਲ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਮਜ਼ਦੂਰਾਂ ਦੇ ਨਾਲ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆੜ੍ਹਤੀਆਂ ਦਾ ਮਾਲ ਵੀ ਪੱਲੇਦਾਰਾਂ ਦੁਆਰਾ ਭਰਿਆ ਜਾਂਦਾ ਸੀ ਪਰ ਸਰਕਾਰ ਨੇ ਇਹ ਕੰਮ ਵੀ ਖੋਹ ਕੇ ਹੁਣ ਸਿੱਧਾ ਆੜ੍ਹਤੀਆਂ ਨੂੰ ਦੇ ਦਿੱਤਾ ਹੈ।