ਮਾਨਸਾ: ਪਿਛਲੇ ਦਿਨੀਂ ਮਾਨਸਾ ਸ਼ਹਿਰ ਵਿੱਚ ਨਸ਼ੇ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਉੱਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਦੇ ਇਲਜ਼ਾਮ ਲਗਾਏ ਸਨ। ਜਿਸ ਤਹਿਤ ਪੁਲਿਸ ਵੱਲੋਂ ਚਾਰ ਨੌਜਵਾਨਾਂ ਉੱਤੇ 307 ਦੇ ਅਧੀਨ ਕਈ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਇਕ ਨੌਜਵਾਨ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਧਰਨਾ ਲਗਾ ਕੇ ਉਕਤ ਨੌਜਵਾਨ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਪੁਲਿਸ ਵੱਲੋਂ ਜਾਂਚ ਤੋਂ ਬਾਅਦ ਨੌਜਵਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਐਸਐਸਪੀ ਮਾਨਸਾ ਨੇ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਹੈ ਕਿ ਉਕਤ ਨੌਜਵਾਨ ਦਾ ਮਾਮਲੇ ਵਿੱਚ ਸ਼ਾਮਲ ਹੋਣ ਦਾ ਸਬੂਤ ਨਹੀਂ ਮਿਲਿਆ ਜਿਸ ਕਾਰਨ ਉਸ ਨੂੰ ਰਿਹਾਅ ਕੀਤਾ ਗਿਆ ਹੈ ਅਤੇ ਅਜੇ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਨੌਜਵਾਨ ਉੱਤੇ ਫਰਜ਼ੀ ਮਾਮਲਾ ਦਰਜ ਕਰਵਾਉਣ ਵਾਲੇ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਗ੍ਰਿਫ਼ਤਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਉੱਤੇ ਵੀ ਕਾਰਵਾਈ - ਸ਼ਿਕਾਇਤਕਰਤਾ ਰਣਜੀਤ ਸਿੰਘ
ਮਾਨਸਾ ਵਿੱਚ ਫਰਜ਼ੀ ਐੱਫਆਈਆਰ ਦਰਜ ਕਰਕੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮਾਮਲੇ ਵਿੱਚ ਹੁਣ ਪੁਲਿਸ ਨੇ ਸ਼ਿਕਾਇਤ ਦਰਜ ਕਰਵਾਉਣ ਵਾਲੇ ਸ਼ਖ਼ਸ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਗੈਰ ਸ਼ਨਾਖਤ ਕੀਤੇ ਨੌਜਵਾਨ ਨੂੰ ਜੇਲ੍ਹ ਵਿੱਚ ਡੱਕਣ ਵਾਲੇ ਪੁਲਿਸ ਮੁਲਾਜ਼ਮ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ।

ਰਿਮਾਂਡ ਤੋਂ ਬਾਅਦ ਰਿਹਾਅ: ਐਸਐਸਪੀ ਨਾਨਕ ਸਿੰਘ ਨੇ ਅੱਗੇ ਤਫ਼ਸੀਲ ਨਾਲ ਦੱਸਿਆ ਕਿ ਥਾਣਾ ਸਦਰ ਵਿੱਚ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਮਾਮਲਾ ਦਰਜ ਕਰਵਾਇਆ ਸੀ। ਉਕਤ ਵਿਅਕਤੀ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਕਿਹਾ ਸੀ ਕਿ ਚਾਰ ਵਿਅਕਤੀਆਂ ਵੱਲੋਂ ਉਸ ਨੂੰ ਮਾਰਨ ਦੀ ਨੀਅਤ ਨਾਲ ਕੁੱਟ ਮਾਰ ਕੀਤੀ ਗਈ ਹੈ। ਜਿਸ ਦੇ ਵਿੱਚ 307,323,341,506,34 IPC ਮਾਮਲਾ ਦਰਜ ਕੀਤਾ ਗਿਆ ਸੀ। ਇਸ ਮੌਕੇ ਪਰਵਿੰਦਰ ਸਿੰਘ ਉਰਫ਼ ਝੋਟਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁਢਲੀ ਜਾਂਚ ਦੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਪਰਵਿੰਦਰ ਸਿੰਘ ਝੋਟੇ ਦਾ ਇਸ ਵਿੱਚ ਸ਼ਾਮਲ ਹੋਣ ਦਾ ਸਬੂਤ ਪੇਸ਼ ਨਹੀਂ ਹੁੰਦਾ ਸੀ ਜਿਸ ਕਾਰਨ ਇਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ।
ਹੋਵੇਗੀ ਮਿਸਾਲੀ ਕਾਰਵਾਈ: ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ ਹਨ ਕਿ ਕਿਸੇ ਵੀ ਵਿਅਕਤੀ ਉੱਤੇ ਗਲਤ ਮਾਮਲਾ ਦਰਜ ਨਾ ਕੀਤਾ ਜਾਵੇ ਅਤੇ ਮੁਦਈ ਰਣਜੀਤ ਸਿੰਘ ਨੇ ਗਲਤ ਬਿਆਨ ਦਰਜ ਕਰਵਾਏ ਸਨ ਇਸ ਲਈ ਉਸ ਉੱਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਕਰਤਾ ਅਧਿਕਾਰੀ ਉੱਤੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਉਸ ਨੇ ਬਿਨਾਂ ਜਾਂਚ ਕੀਤੀ ਐਫਆਈਆਰ ਦਰਜ ਕਰਕੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ ਹਨ ਕਿ ਕਿਸੇ ਵੀ ਵਿਅਕਤੀ ਦੇ ਨਾਲ ਗਲਤ ਨਾ ਹੋਵੇ ਅਤੇ ਵਿਅਕਤੀ ਦੀ ਉਦੋਂ ਤੱਕ ਗ੍ਰਿਫਤਾਰੀ ਨਾ ਕੀਤੀ ਜਾਵੇ ਜਦੋਂ ਤੱਕ ਵਿਅਕਤੀ ਖ਼ਿਲਾਫ਼ ਠੋਸ ਸਬੂਤ ਨਹੀਂ ਮਿਲਦੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਵੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ਉੱਤੇ ਸ਼ਹਿਰ ਵਾਸੀਆਂ ਦੀ ਇੱਕ ਕਮੇਟੀ ਬਣੀ ਹੋਈ ਹੈ ਅਤੇ ਅਸੀਂ ਵੀ ਉਨ੍ਹਾਂ ਨੂੰ ਕਿਹਾ ਹੈ ਕਿ ਸਾਡਾ ਸਹਿਯੋਗ ਕਰੋ ਅਤੇ ਪੁਲਿਸ ਤੁਹਾਡੇ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੀ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਸੁਹਿਰਦ ਹੈ।