ਮਾਨਸਾ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀਆਂ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਤਨਖ਼ਾਹ ਨਾ ਮਿਲਣ 'ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਤਨਖ਼ਾਹਾਂ ਨਹੀਂ ਮਿਲਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਸਕੱਤਰ ਗੁਰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਪਾਈਆਂ ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਧਰਨਾ ਸ਼ੁਰੂ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਤਿੰਨ ਦਿਨ ਤੋਂ ਧਰਨਾ ਦੇ ਰਹੇ ਹਨ ਤੇ ਜੇਕਰ ਹੁਣ ਵੀ ਉਨ੍ਹਾਂ ਦੀਆਂ ਤਨਖ਼ਾਹਾਂ ਜਲਦ ਹੀ ਜਾਰੀ ਨਾ ਕੀਤੀਆਂ ਗਈਆਂ ਤਾਂ ਉਹ ਚੰਡੀਗੜ੍ਹ ਵਿੱਚ ਵੀ ਧਰਨਾ ਦੇਣ ਲਈ ਮਜਬੂਰ ਹੋਣਗੇ।