ਮਾਨਸਾ:ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਉਗਰਾਹਾਂ ਵੱਲੋਂ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਖਿਲਾਫ਼ ਦਰਜ ਕੀਤੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਕਿਸਾਨਾਂ ਕਿਹਾ ਕਿ ਜੇ ਛੇਤੀ ਹੀ ਪਰਚੇ ਰੱਦ ਨਾ ਕਿਤੇ ਤਾਂ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ 'ਤੇ ਧੜਾਧੜ ਪਰਚੇ ਦਰਜ ਕੀਤੇ ਗਏ ਹਨ ਜਦੋਂ ਕਿ ਕਿਸਾਨਾਂ ਕੋਲ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਹੋਰ ਕੋਈ ਹੱਲ ਨਹੀਂ ਅਤੇ ਨਾ ਹੀ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਰੱਖ ਰਖਾਵ ਦਾ ਉਸ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਲਈ ਕੋਈ ਸਾਧਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਛੇਤੀ ਹੀ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।