ਮਾਨਸਾ: ਨਰਮੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ, ਇਸ ਮੌਕੇ ਘਿਰਾਓ ਕਰਨ ਲਈ ਆ ਰਹੇ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੁੰਦੀ ਕਿਸਾਨਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
ਪਿਛਲੇ ਲੰਬੇ ਸਮੇਂ ਤੋਂ ਮਾਨਸਾ ਮੰਡੀ ਵਿੱਚ ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਜਿੱਥੇ ਕਿਸਾਨ ਵਰਗ ਪ੍ਰੇਸ਼ਾਨ ਹੋ ਰਿਹਾ ਸੀ ਉੱਥੇ ਹੀ ਸ਼ਨੀਵਾਰ ਕਿਸਾਨਾਂ ਵੱਲੋਂ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਜਿਸ ਦੌਰਾਨ 7 ਟਰਾਲੀਆਂ ਨਰਮੇ ਦੀਆਂ ਸਰਕਾਰੀ ਏਜੰਸੀ ਵੱਲੋਂ ਖ਼ਰੀਦੀਆਂ ਗਈਆਂ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਪ੍ਰਾਈਵੇਟ ਵਪਾਰੀਆਂ ਨੇ ਵੀ ਇਸ ਖਰੀਦ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਸੀਸੀਆਈ ਨੂੰ ਅਲਾਟ ਕੀਤੀਆਂ ਗਈਆਂ ਫ਼ੈਕਟਰੀਆਂ ਬੰਦ ਕਰ ਦਿੱਤੀਆਂ ਜਿਸ ਤੋਂ ਬਾਅਦ ਸੋਮਵਾਰ ਫਿਰ ਤੋਂ ਸਰਕਾਰੀ ਖ਼ਰੀਦ ਬੰਦ ਹੋ ਗਈ, ਜਿਸ ਕਾਰਨ ਕਿਸਾਨਾਂ ਨੇ ਪ੍ਰਸ਼ਾਸਨ ਕੋਲ ਗੁਹਾਰ ਲਗਾਈ ਕਿ ਤੁਰੰਤ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਜਾਵੇ ਪਰ ਕਿਸਾਨਾਂ ਨੇ ਦੋਸ਼ ਲਾਇਆ ਕਿ ਸਰਕਾਰੀ ਅਧਿਕਾਰੀਆਂ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਦੇ ਲਈ ਕੋਈ ਦਿਲਚਸਪੀ ਨਹੀਂ ਦਿਖਾਈ ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਬਸ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ।