ਪੰਜਾਬ

punjab

ETV Bharat / state

ਪਿੰਡ ਮੂਸਾ ਪਹੁੰਚੇ ਸਿਮਰਨਜੀਤ ਸਿੰਘ ਮਾਨ, ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਤਲ ਦੀ ਕੌਮਾਂਤਰੀ ਪੱਧਰ 'ਤੇ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬੇਅਦਬੀਆਂ ਨੂੰ ਲੈਕੇ ਬਾਦਲ ਪਰਿਵਾਰ 'ਤੇ ਵੀ ਨਿਸ਼ਾਨਾ ਸਾਧਿਆ ਹੈ।

ਪਿੰਡ ਮੂਸਾ ਪਹੁੰਚੇ ਸਿਮਰਨਜੀਤ ਸਿੰਘ ਮਾਨ
ਪਿੰਡ ਮੂਸਾ ਪਹੁੰਚੇ ਸਿਮਰਨਜੀਤ ਸਿੰਘ ਮਾਨ

By

Published : Jul 7, 2022, 8:44 PM IST

ਮਾਨਸਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਿੰਡ ਮੂਸਾ ਪਹੁੰਚੇ। ਜਿੱਥੇ ਉਹਨਾਂ ਨੇ 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰਕੇ ਕਤਲ ਕੀਤੇ ਗਏ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ।

ਸਾਂਸਦ ਸਿਮਰਨਜੀਤ ਮਾਨ ਨੇ ਜਿੱਥੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੰਤਰਰਾਸ਼ਟਰੀ ਪੱਧਰ 'ਤੇ ਜਾਂਚ ਕਰਵਾਉਣ ਦੀ ਮੰਗ ਕੀਤੀ, ਉੱਥੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਕਹਿਣ ਵਾਲੇ ਬਾਦਲਾਂ ਨੂੰ ਲੋਕਾਂ ਨੇ ਚੋਣਾਂ ਵਿੱਚ ਨਕਾਰ ਦਿੱਤਾ ਹੈ।

ਸਿਮਰਨਜੀਤ ਸਿੰਘ ਮਾਨ ਪਹੁੰਚੇ ਪਿੰਡ ਮੂਸਾ

ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਘੰਟਾ ਭਰ ਮੁਲਾਕਾਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੀ ਕਤਲ ਲਈ ਕੌਮਾਂਤਰੀ ਪੱਧਰ 'ਤੇ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਕਹਾਣੀ ਵਿੱਕੀ ਮਿੱਡੂਖੇੜਾ ਤੋਂ ਸ਼ੁਰੂ ਹੁੰਦੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਪੁਲਿਸ ਅਤੇ ਆਈ.ਵੀ ਵੱਲੋਂ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ ਕਿ ਸਿਧੂ ਮੂਸੇਵਾਲਾ ਦਾ ਕਤਲ ਹੋਣ ਵਾਲਾ ਹੈ, ਉਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਕ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ, ਜੋ ਕਿ ਇੱਕ ਸਿਆਸੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਅੰਤਰ-ਰਾਸ਼ਟਰੀ ਜਾਂਚ ਦੀ ਮੰਗ ਕਰਦੇ ਹਾਂ ਕਿਉਂਕਿ ਜਦੋਂ ਤੱਕ ਇਸ ਮਾਮਲੇ ਦੀ ਅੰਤਰਰਾਸ਼ਟਰੀ ਪੱਧਰ 'ਤੇ ਜਾਂਚ ਨਹੀਂ ਹੁੰਦੀ ਸਾਨੂੰ ਯਕੀਨ ਨਹੀ ਆਵੇਗਾ ਕਿ ਇਸ ਮਾਮਲੇ ਵਿੱਚ ਕੀ ਹੋਇਆ ਹੈ।

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਕੋਈ ਵੀ ਗ੍ਰਿਫ਼ਤਾਰੀ ਨਾ ਕੀਤੇ ਜਾਣ 'ਤੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸਰਕਾਰ ਦੇ ਅਧੀਨ ਕੰਮ ਕਰਦੀ ਹੈ। ਇਸ ਕਾਰਨ ਪੁਲਿਸ ਇਸ ਮਾਮਲੇ ਦੀ ਜਾਂਚ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਜਾਂ ਡੀਜੀਪੀ ਨੂੰ ਇਹ ਨਹੀਂ ਪੁੱਛ ਸਕਦੀ ਕਿ ਜਾਣਕਾਰੀ ਹੋਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕਿਉਂ ਕੀਤੀ ਗਈ ਕਿਉਂਕਿ ਪੁਲਿਸ ਦੇ ਹੱਥ ਬੰਨ੍ਹੇ ਹੋਏ ਹਨ।

ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਖੁਦ ਨੂੰ ਬੇਕਸੂਰ ਕਹਿਣ ਅਤੇ ਝੂਠਾ ਫਸਾਏ ਜਾਣ 'ਤੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਫੈਸਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੇ ਬਰਗਾੜੀ ਵਿਖੇ ਬੇਅਦਬੀ ਕੀਤੀ ਹੈ ਤਾਂ ਹੀ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਖੁਦ ਨੂੰ ਬੇਕਸੂਰ ਕਹਿਣਾ ਬੇਸ਼ਰਮੀ ਦੀ ਗੱਲ ਹੈ ਅਤੇ ਅੱਗੇ ਦੇਖੋ ਕੀ ਹੁੰਦਾ ਹੈ।

ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲ ਮਾਮਲਾ: ਮੁਲਜ਼ਮ ਦਾਨਾਰਾਮ ਨੂੰ ਰਾਜਸਥਾਨ ਤੋਂ ਪੰਜਾਬ ਲਿਆ ਰਹੀ ਪੰਜਾਬ ਪੁਲਿਸ

ABOUT THE AUTHOR

...view details