ਮਾਨਸਾ: ਪਿਛਲੇ 10 ਸਾਲਾਂ ਤੋਂ ਮਨਰੇਗਾ ਦੇ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਪੰਜਾਬ ਸਰਕਾਰ ਦੇ ਖਿਲਾਫ਼ ਧਰਨੇ ਲਗਾ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਸਰਕਾਰ ਨੇ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ਼ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਮਨਰੇਗਾ ਮੁਲਾਜ਼ਮਾਂ ਗੁਰਸੇਵਕ ਸਿੰਘ ਅਤੇ ਜਗਦੀਪ ਸਿੰਘ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦਾ ਹਰ ਵਾਰ ਲਾਰਾ ਲਾਇਆ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ ਜਿਸ ਦੇ ਤਹਿਤ ਉਨ੍ਹਾਂ ਵੱਲੋਂ ਹੁਣ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।