ਮਾਨਸਾ:ਖੇਤੀ ਮੋਟਰਾਂ ਵਾਲੀ ਬਿਜਲੀ ਘੱਟ ਸਮਾਂ ਦੇਣ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਵਿਖੇ ਐਕਸੀਅਨ ਦਫਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਪਰ ਪੂਰਾ ਸਮਾਂ ਬਿਜਲੀ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਵਿੱਚ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵੱਲੋਂ ਕਿਸਾਨਾਂ ਨੂੰ ਪੂਰਾ ਸਮਾਂ ਬਿਜਲੀ ਨਾ ਦਿੱਤੀ ਗਈ ਤਾਂ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਜਾਰੀ ਰੱਖਿਆ ਜਾਵੇਗਾ।
ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਬਿਜਲੀ ਵਿਭਾਗ ਵੱਲੋਂ 8 ਘੰਟੇ ਬਿਜਲੀ ਦੇਣ ਦੀ ਬਜਾਇ ਮਹਿਜ਼ 2 ਤੋਂ 4 ਘੰਟੇ ਦਿੱਤੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨੀ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰੀ ਵਸ ਐਕਸੀਅਨ ਦਾ ਘਿਰਾਓ ਕਰਕੇ ਧਰਨਾ ਪ੍ਰਦਰਸ਼ਨ ਕਰਨਾ ਪਿਆ ਹੈ।