ਮਾਨਸਾ : ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਇਸ ਦੇ ਚਲਦੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਫਾਇਰ ਬ੍ਰਿਗੇਡ ਵਿਭਾਗ ਨੂੰ ਚੌਕਸ ਕਰ ਦਿੱਤਾ ਗਿਆ ਹੈ। ਜਿਥੇ ਸੂਬੇ ਦੇ ਹਰ ਜ਼ਿਲ੍ਹੇ 'ਚ ਦੀਵਾਲੀ ਮੌਕੇ ਕਿਸੇ ਤਰ੍ਹਾਂ ਦੀ ਅਗਜ਼ਨੀ ਘਟਨਾ ਤੋਂ ਬਚਾਅ ਕਰਨ ਲਈ ਤਿਆਰ ਹੈ,ਉਥੇ ਹੀ ਦੂਜੇ ਪਾਸੇ ਮਾਨਸਾ ਜ਼ਿਲ੍ਹੇ ਵਿੱਚ ਫਾਇਰ ਬ੍ਰਿਗੇਡ ਵਿਭਾਗ ਖ਼ੁਦ ਹੀ ਸਹੂਲਤਾਂ ਦੀ ਘਾਟ ਹੋਣ ਦੇ ਚਲਦੇ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ।
ਜਦੋਂ ਈਟੀਵੀ ਭਾਰਤ ਦੀ ਟੀਮ ਨੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਇਥੇ ਨਵੇਂ ਮੁਲਾਜ਼ਮਾਂ ਦੀ ਭਰਤੀ ਨਹੀਂ ਹੋਈ ਹੈ। ਇੱਥੇ ਮੁਲਾਜ਼ਮਾਂ ਦੀ ਘਾਟ ਹੈ ਅਤੇ ਗਿਣਤੀ ਦੇ ਚਾਰ ਤੋਂ ਪੰਜ ਮੁਲਾਜ਼ਮ ਹੀ ਇਥੇ ਪੱਕੇ ਤੌਰ 'ਤੇ ਤਾਇਨਾਤ ਹਨ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਵਿਭਾਗ ਕੋਲ ਆਪਣਾ ਖ਼ੁਦ ਦਾ ਦਫ਼ਤਰ ਨਹੀਂ ਹੈ ਜਿਸ ਕਾਰਨ ਫਾਇਰ ਬ੍ਰਿਗੇਡ ਗੱਡੀਆਂ ਖੁਲ੍ਹੇ ਅਸਮਾਨ ਹੇਠਾਂ ਹੀ ਖੜ੍ਹੀਆਂ ਰਹਿੰਦੀਆਂ ਹਨ ਅਤੇ ਇਨ੍ਹਾਂ ਦੇ ਖ਼ਰਾਬ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਨਗਰ ਕੌਂਸਲ ਵੱਲੋਂ ਕਈ ਸਾਲਾਂ ਤੋਂ ਕਰਮਚਾਰੀਆਂ ਦੀ ਭਰਤੀ ਦੇ ਲਈ ਮਤਾ ਪਾਸ ਕੀਤਾ ਜਾ ਰਿਹਾ ਹੈ ਪਰ ਕਰਮਚਾਰੀਆਂ ਦੀ ਭਰਤੀ ਨਹੀਂ ਹੋ ਰਹੀ।