ਮਾਨਸਾ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਮੁੱਚੇ ਪੰਜਾਬ ਵਿੱਚ ਲਗਾਤਾਰ ਸਰਚ ਆਪ੍ਰੇਸ਼ਨ ਅਤੇ ਨਾਕਾਬੰਦੀ ਕਰ ਕੇ ਤਲਾਸ਼ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਨੇ ਨਾਕਾਬੰਦੀ ਕਰ ਕੇ ਬੈਰੀਕੇਡਾਂ ਤੇ ਅੰਮ੍ਰਿਤਪਾਲ ਸਮੇਤ ਉਸ ਦੇ ਦੋ ਸਾਥੀਆਂ ਦੀ ਫੋਟੋ ਲਗਾ ਦਿੱਤੀ ਹੈ ਅਤੇ ਆਉਣ ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਈ ਸ਼ੱਕੀ ਇਲਾਕਿਆਂ ਵਿੱਚ ਡਰੋਨ ਦੀ ਵੀ ਮਦਦ ਲਈ ਜਾ ਰਹੀ ਹੈ। 18 ਮਾਰਚ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਹਾਲੇ ਤਕ ਪੁਲਿਸ ਦੇ ਹੱਥ ਨਹੀਂ ਲੱਗਾ। ਹਾਲਾਂਕਿ ਉਸ ਦੇ ਕੁਝ ਸਾਥੀ ਤੇ ਸ਼ੱਕੀ ਨੌਜਵਾਨਾਂ ਨੂੰ ਪੁਲਿਸ ਨੇ ਕਾਰਵਾਈ ਕਰਦਿਆਂ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਲਈ ਜਿੱਥੇ ਪੰਜਾਬ ਭਰ ਦੇ ਵਿਚ ਪੁਲਿਸ ਵੱਲੋਂ ਨਾਕਾਬੰਦੀ ਕਰ ਕੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਉਥੇ ਹੀ ਮਾਨਸਾ ਪੁਲਿਸ ਵੱਲੋਂ ਨਾਕਾਬੰਦੀ ਕਰ ਕੇ ਬੈਰੀਕੇਡਾਂ ਉਤੇ ਅੰਮ੍ਰਿਤਪਾਲ ਦੇ ਦੋ ਸਾਥੀਆਂ ਦੀ ਫੋਟੋ ਲਗਾ ਕੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਦੇ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਦਰਜਨ ਦੇ ਕਰੀਬ ਨਾਕੇਬੰਦੀ ਕੀਤੀ ਹੋਈ ਹੈ ਅਤੇ ਆਉਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।