ਮਾਨਸਾ :ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਕ ਅਕਤੂਬਰ ਤੋਂ ਕਿਸਾਨ ਰੇਲਵੇ ਲਾਈਨਾਂ ਤੇ ਧਰਨੇ ਦੇ ਕੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਇਨ੍ਹਾਂ ਧਰਨਿਆਂ ਵਿੱਚ ਵੱਖ ਵੱਖ ਜੱਥੇਬੰਦੀਆਂ ਵੱਲੋਂ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਇਸੇ ਕੜੀ 'ਚ ਕਿਸਾਨਾਂ ਦੇ ਹੱਕ 'ਚ ਨਿੱਤਰੀ ਨੰਬਰਦਾਰ ਯੂਨੀਅਨ ਵੱਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ।
ਨੰਬਰਦਾਰ ਯੂਨੀਅਨ ਦੇ ਮੈਂਬਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਰੋਸ ਮਾਰਚ ਕੀਤਾ। ਪ੍ਰਦਰਸ਼ਨ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਕਿਸਾਨਾਂ ਦੇ ਹੱਕ 'ਚ ਨਿੱਤਰੀ ਨੰਬਰਦਾਰ ਯੂਨੀਅਨ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਾਜਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਨੰਬਰਦਾਰ ਯੂਨੀਅਨ ਵੱਲੋਂ ਵੀ ਕਿਸਾਨਾਂ ਦੇ ਇਨ੍ਹਾਂ ਧਰਨਿਆਂ 'ਚ ਸ਼ਮੂਲੀਅਤ ਕਰ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਸ ਲਈ ਨੰਬਰਦਾਰ ਯੂਨੀਅਨ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੇਂਦਰ ਸਰਕਾਰ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਨੰਬਰਦਾਰ ਯੂਨੀਅਨ ਵੱਲੋਂ ਰਜਿਸਟਰੀਆਂ ਅਤੇ ਸਰਕਾਰੀ ਕੰਮਕਾਜ ਵਿੱਚ ਆਪਣੀ ਸ਼ਮੂਲੀਅਤ ਬੰਦ ਕਰ ਦਿੱਤੀ ਜਾਵੇਗੀ ਅਤੇ ਕੇਂਦਰ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀ ਗੁਰਸੇਵਕ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਾਲੇ ਕਾਨੂੰਨ ਪਾਸ ਕੀਤੇ ਨੇ ਉਹ ਕਿਸਾਨ ਮਜ਼ਦੂਰ ਵਪਾਰੀ ਅਤੇ ਹਰ ਵਰਗ ਦੇ ਲਈ ਹਾਨੀਕਾਰਕ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਮਗਰੋਂ ਹਰ ਵਰਗ ਨੂੰ ਨੁਕਸਾਨ ਹੋਵੇਗਾ। ਇਸ ਨਾਲ ਮਹਿਜ਼ ਕਾਰਪੋਰੇਟ ਵਰਗ ਨੂੰ ਹੀ ਲਾਭ ਮਿਲੇਗਾ। ਜਦਕਿ ਕਿਸਾਨ, ਆਮ ਵਰਗ ਦੇ ਲੋਕ ਤੇ ਹੋਰਨਾਂ ਛੋਟੇ ਦੁਕਾਨਦਾਰ ਤੇ ਆੜਤੀ ਕਿਸੇ ਵੀ ਤਰ੍ਹਾਂ ਦੇ ਲਾਭ ਤੋਂ ਵਾਂਝੇ ਰਹਿ ਜਾਣਗੇ। ਇਸ ਨਾਲ ਜਮਾਖੋਰੀ ਦੀਆਂ ਘਟਨਾਵਾਂ 'ਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਨੰਬਰਦਾਰ ਯੂਨੀਅਨ ਕਿਸਾਨਾਂ ਦੇ ਹੱਕ ਲਈ ਉਨ੍ਹਾਂ ਨਾਲ ਮਿਲ ਕੇ ਸੰਘਰਸ਼ ਦੀ ਲੜਾਈ ਲੜੇਗੀ। ਉਨ੍ਹਾਂ ਆਖਿਆ ਕਿ ਉਹ ਕਿਸੇ ਵੀ ਤਰੀਕੇ ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨ ਪਾਸ ਨਹੀਂ ਕਰਨ ਦੇਣਗੇ।