ਮਾਨਸਾ:ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਿਆਸਤ ਭਖ ਚੁੱਕੀ ਹੈ। ਸਿਆਸੀ ਪਾਰਟੀਆਂ ਵੱਲੋਂ ਸੱਤਾ ਹਾਸਿਲ ਕਰਨ ਦੇ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਸਾਰੀਆਂ ਹੀ ਪਾਰਟੀਆਂ ਦੇ ਲੀਡਰਾਂ ਵੱਲੋਂ ਆਮ ਲੋਕਾਂ ਨਾਲ ਰਾਬਤਾ ਕਰ ਉਨ੍ਹਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ। ਮਾਨਸਾ ਵਿਖੇ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵਪਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਲੋਕਾਂ ਨੂੰ ਸਾਰੀਆਂ ਸਮੱਸਿਆਵਾਂ ਦੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਮੂਸੇਵਾਲਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਗੈਂਗਸਟਰ ਅਤੇ ਕਾਤਲ ਕਹਿ ਰਹੇ ਹਨ ਜਦੋਂ ਕਿ ਉਹ ਪਹਿਲਾਂ ਮੈਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦੇ ਲਈ ਇਕ ਸਾਲ ਤੋਂ ਮਿੰਨਤਾਂ ਕਰਦੇ ਆ ਰਹੇ ਹਨ।
ਇਸ ਮੀਟਿੰਗ ਵਿੱਚ ਮੂਸੇਵਾਲਾ ਨੇ ਸ਼ਹਿਰ ਵਾਸੀਆਂ ਦੇ ਨਾਲ ਵਾਅਦਾ ਕੀਤਾ ਕਿ ਮਾਨਸਾ ਸ਼ਹਿਰ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਜਲਦ ਹੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਵਾਸੀਆਂ ਨੂੰ ਕਦੇ ਵੀ ਚੰਗਾ ਲੀਡਰ ਨਸੀਬ ਨਹੀਂ ਹੋਇਆ ਜੋ ਆਪਣੇ ਮਾਨਸਾ ਹਲਕੇ ਦੀਆਂ ਸਮੱਸਿਆਵਾਂ ਸਰਕਾਰ ਤੱਕ ਲੈ ਕੇ ਜਾਵੇ ਜਿਸ ਕਾਰਨ ਅੱਜ ਵੀ ਸਾਡੇ ’ਤੇ ਪਛੜੇਪਣ ਦਾ ਦਾਗ ਹੈ ਅਤੇ ਇਸ ਦਾਗ ਨੂੰ ਧੋਣ ਦੇ ਲਈ ਉਨ੍ਹਾਂ ਸ਼ਹਿਰ ਵਾਸੀਆਂ ਦਾ ਸਹਿਯੋਗ ਮੰਗਿਆ ਹੈ।
ਸਿੱਧੂ ਮੂਸੇਵਾਲਾ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ ਮੂਸੇਵਾਲਾ ਨੇ ਕਿਹਾ ਕਿ ਨਾ ਤਾਂ ਉਹ ਗੈਂਗਸਟਰ ਹਨ ਅਤੇ ਨਾ ਹੀ ਕਾਤਲ ਹਨ ਪਰ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਆਪਣੇ ਨਿਸ਼ਾਨੇ ’ਤੇ ਲੈ ਰਹੀਆਂ ਹਨ ਅਤੇ ਜਦੋਂ ਕਿ ਉਹ ਪਿਛਲੇ ਇੱਕ ਸਾਲ ਤੋਂ ਮੈਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਨ ਦੇ ਲਈ ਮਿੰਨਤਾਂ ਕਰਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦੇ ਲਈ ਪ੍ਰਚਾਰ ਨਹੀਂ ਕਰੇਗਾ ਇਸ ਲਈ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਆਪਣੇ ਮਾਨਸਾ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਅੱਗੇ ਆਏ ਹਨ।
ਇਹ ਵੀ ਪੜ੍ਹੋ:ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ: ਸੁਖਬੀਰ ਬਾਦਲ