ਮਾਨਸਾ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਜੰਗ ਜਾਰੀ ਹੈ। ਕਿਸਾਨ ਲਗਾਤਾਰ ਸੰਘਰਸ਼ ਦੇ ਰਾਹ 'ਤੇ ਹਨ ਅਤੇ ਰੇਲ ਰੋਕੋ ਅੰਦੋਲਨ ਨੂੰ ਵੀ 8 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਪਿੰਡਾਂ ਦੀ ਪੰਚਾਇਤਾਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਮਤੇ ਪਾਸ ਕਰ ਰਹੀ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਬੁਢਲਾਡਾ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਦਾ ਘਿਰਾਓ ਕੀਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੁਢਲਾਡਾ 'ਚ ਕਿਸਾਨਾਂ ਨੇ ਘੇਰਿਆ ਰਿਲਾਇੰਸ ਦਾ ਪੰਪ
ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਸੰਗਰਾਮ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਬੁਢਲਾਡਾ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਦਾ ਘਿਰਾਓ ਕੀਤਾ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਕਿਸਾਨਾਂ ਨੇ ਕਿਹਾ ਇਨ੍ਹਾਂ ਖੇਤੀ ਕਾਨੂੰਨਾਂ ਦੇ ਰਾਹੀਂ ਸਰਕਾਰ ਕਿਸਾਨਾਂ ਦੀ ਜ਼ਮੀਨਾਂ ਨੂੰ ਪੂੰਜੀਪਤੀਆਂ ਨੂੰ ਦੇਣਾ ਚਾਹੁੰਦੀ ਹੈ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ 31 ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਉਨ੍ਹਾਂ ਸਮਾਂ ਜਾਰੀ ਰੱਖਿਆ ਜਾਵੇਗਾ ਜਿੰਨ੍ਹਾਂ ਸਮਾਂ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ। ਕਿਸਾਨਾਂ ਨੇ ਕਿਹਾ ਇਸ ਸੰਘਰਸ਼ ਵਿੱਚ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ ਉਹ ਦੇਣ ਲਈ ਤਿਆਰ ਹਨ ਪਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਉਹ ਰੱਦ ਕਰਵਾ ਕੇ ਹੀ ਸਾਹ ਲੈਣਗੇ।